ਵੈਰੋਵਾਲ (ਗਿੱਲ)-ਸਰਕਾਰੀ ਕੰਨਿਆ ਹਾਈ ਸਕੂਲ ਪਿੰਡ ਦਾਰਾਪੁਰ (ਵੈਰੋਵਾਲ) ਵਿਖੇ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਘਾਟ ਹੋਣ ਕਾਰਨ ਬੱਚਿਆਂ ਦੇ ਮਾਪੇ ਪ੍ਰੇਸ਼ਾਨ ਹਨ। ਇਸ ਮੌਕੇ ਇਕੱਠੇ ਹੋਏ ਪਿੰਡ ਦਾਰਾਪੁਰ ਦੇ ਮੋਹਤਬਰ ਵਿਅਕਤੀਆਂ ਗੁਰਪਿਆਰ ਸਿੰਘ, ਡਾ. ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਪੰਚ, ਤਜਿੰਦਰ ਸਿੰਘ, ਹਰਪਾਲ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਛੱਬੀਵਾਲੇ, ਸੁਖਦੇਵ ਸਿੰਘ, ਭਾਈ ਪਰਮਜੀਤ ਸਿੰਘ, ਸਾਬਕਾ ਡੀ. ਐੱਸ. ਪੀ. ਪ੍ਰਦੁਮਣ ਸਿੰਘ, ਹਰਵਿੰਦਰ ਸਿੰਘ ਹੈਪੀ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇਸ ਸੰਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਉਨ੍ਹਾਂ ਦੇ ਸੰਗਤ ਦਰਸ਼ਨ ਦੌਰਾਨ ਖਡੂਰ ਸਾਹਿਬ ਵਿਖੇ ਪਹੁੰਚ ਕੇ ਪੰਜ ਪਿੰਡਾਂ ਦੀਆਂ ਪੰਚਾਇਤਾਂ ਦੇ ਦਸਤਖਤ ਕਰਵਾ ਕੇ ਅਤੇ ਉਸ ਸਮੇਂ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਦੇ ਦਸਤਖਤ ਕਰਵਾ ਕੇ ਮੰਗ-ਪੱਤਰ ਦਿੱਤਾ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਸਕੂਲ ਦੀ ਸਥਿਤੀ ਜਿਉਂ ਦੀ ਤਿਉਂ ਹੀ ਰਹੀ। ਉਨ੍ਹਾਂ ਦੱਸਿਆ ਕਿ ਹੁਣ ਇਕ ਮਹੀਨਾ ਪਹਿਲਾਂ ਉਨ੍ਹਾਂ ਵੱਲੋਂ ਹਲਕਾ ਬਾਬਾ ਬਕਾਲਾ ਦੇ ਮੌਜੂਦਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਵੀ ਇਸ ਸੰਬੰਧੀ ਮੰਗ ਪੱਤਰ ਦਿੱਤਾ ਗਿਆ ਹੈ।
ਹਲਕਾ ਵਿਧਾਇਕ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਥੋੜ੍ਹੇ ਸਮੇਂ ਅੰਦਰ ਇਸ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ ਪਰ ਹਾਲੇ ਤੱਕ ਮਾਮਲਾ ਉਥੇ ਦਾ ਉਥੇ ਹੀ ਲਟਕ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਕੂਲ ਵਿਚ ਕੁੱਲ ਅੱਠ ਜਮਾਤਾਂ ਹਨ ਅਤੇ ਦੋ ਅਧਿਆਪਕ ਹਨ ਅਤੇ ਤਿੰਨ ਅਧਿਆਪਕ ਉਨ੍ਹਾਂ ਦੇ ਪਿੰਡ ਦੀ ਹੀ ਬਣੀ 'ਧੀ ਪੜ੍ਹਾਓ ਸਮਾਜ ਬਚਾਓ ਸੰਸਥਾ' ਵੱਲੋਂ ਆਪਣੇ ਕੋਲੋਂ ਪੈਸੇ ਦੇ ਕੇ ਰੱਖੇ ਗਏ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਕੂਲ ਵਿਚ ਇਕ ਦਰਜਨ ਪੋਸਟਾਂ ਖਾਲੀ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਸਟਾਫ ਪੂਰਾ ਕੀਤਾ ਜਾਵੇ ਨਹੀਂ ਤਾਂ ਇਹ ਸਕੂਲ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਦੋਂ ਡੀ. ਈ. ਓ. ਸੈਕੰਡਰੀ ਨਾਲ ਫੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਉਹ 15 ਅਗਸਤ ਤੋਂ ਬਾਅਦ ਇਸ ਮਸਲੇ ਦਾ ਜਲਦ ਹੀ ਹੱਲ ਕਰਨਗੇ ਅਤੇ ਟੀਚਰਾਂ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ।
'ਬੀਬੀਆਂ ਦੇ ਵਾਲਾਂ 'ਤੇ ਸਖਤ ਪਹਿਰਾ, ਹੁਣ ਗੁੱਤ ਕੱਟ ਜਾਉਂ ਕਿਹੜਾ', ਤਸਵੀਰਾਂ ਦੇਖ ਹੋ ਜਾਉਂਗੇ ਲੋਟ-ਪੋਟ
NEXT STORY