ਕਪੂਰਥਲਾ (ਗੁਰਪ੍ਰੀਤ) : ਕਪੂਰਥਲਾ–ਸੁਲਤਾਨਪੁਰ ਲੋਧੀ ਬਾਈਪਾਸ ’ਤੇ ਦੋ ਕਾਰਾਂ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਦੋ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਦਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ।
ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਮਨਵੀਰ ਸਿੰਘ ਪੁੱਤਰ ਬਰਿੰਦਰ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਾਹਿਲ ਪੁੱਤਰ ਓਮ ਪ੍ਰਕਾਸ਼ ਵਾਸੀ ਕਰਤਾਰਪੁਰ ਨਾਲ ਕਪੂਰਥਲਾ ਤੋਂ ਕਰਤਾਰਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਉਨ੍ਹਾਂ ਦੀ ਗੱਡੀ ਦੀ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਹਸਪਤਾਲ ਵਿੱਚ ਐਮਰਜੈਂਸੀ ਵਾਰਡ ’ਚ ਤਾਇਨਾਤ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵੱਲੋਂ ਦੋਵਾਂ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ, ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਤੋਂ ਏਐੱਸਆਈ ਬਲਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ।
ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਦੋ ਕਾਰਾਂ ਦੀ ਟੱਕਰ ਕਾਰਨ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਹਾਦਸੇ ਵਿੱਚ ਇਕ ਕਾਰ ’ਚ ਸਵਾਰ ਦੋ ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ, ਜਦਕਿ ਦੂਜੀ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਫ਼ਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਸਖ਼ਤ! ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ
NEXT STORY