ਪਟਿਆਲਾ, (ਰਾਜੇਸ਼, ਜੋਸਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੋਰ ਨਵੇਂ ਟਿਊਬਵੈੱਲ ਲਾਉਣ ਵਾਸਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਹ ਅੱਜ ਇਥੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਮੁਲਾਂਕਣ ਕਰਨ ਲਈ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਕੌਂਸਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਪੁੱਜੇ ਸਨ। ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਪਟਿਆਲਾ ਨਗਰ ਨਿਗਮ ਨੂੰ ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਕਰਨ ਲਈ 32 ਕਰੋੜ ਰੁਪਏ ਜਾਰੀ ਕਰ ਚੁੱਕੇ ਹਨ। ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸਮੂਹ ਕੌਂਸਲਰਾਂ ਵੱਲੋਂ ਨਿਗਮ ਦਫ਼ਤਰ ਵਿਚ ਪਹੁੰਚਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ 782 ਕਰੋੜ ਰੁਪਏ ਦੀ ਲਾਗਤ ਵਾਲਾ ਨਹਿਰੀ ਪਾਣੀ ਦਾ ਪ੍ਰਾਜੈਕਟ ਪਹਿਲਾਂ ਹੀ ਉਲੀਕ ਚੁੱਕੀ ਹੈ। ਇਸ ਨੂੰ ਨੇਪਰੇ ਚੜ੍ਹਾਉਣ ਲਈ ਜਲਦ ਹੀ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨਾਲ ਇਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪ੍ਰਦੂਸ਼ਤ ਹੋ ਚੁੱਕੇ ਪਾਣੀ ਦੀ ਸਮੱਸਿਆ ਦਾ ਹੱਲ ਕੇਵਲ ਨਹਿਰੀ ਪਾਣੀ ਨਾਲ ਹੀ ਹੋਵੇਗਾ। ਇਸ ਦੇ ਮੱਦੇਨਜ਼ਰ ਪਟਿਆਲਾ ਸਮੇਤ ਸੂਬੇ ਦੇ 4 ਵੱਡੇ ਸ਼ਹਿਰਾਂ, ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਖੇ ਨਹਿਰੀ ਪਾਣੀ ਦੇ ਪ੍ਰਾਜੈਕਟ ਜੰਗੀ ਪੱਧਰ ਸ਼ੁਰੂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੇ 10 ਸਾਲਾਂ 'ਚ ਪਟਿਆਲਾ ਸ਼ਹਿਰ ਨਾਲ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ। ਹੁਣ ਸ਼ਹਿਰ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਭੇਜੇ 100 ਕਰੋੜ ਰੁਪਏ ਨਾਲ ਵਿਕਾਸ ਕਾਰਜ ਵੀ ਜੰਗੀ ਪੱਧਰ 'ਤੇ ਸ਼ੁਰੂ ਹੋ ਗਏ ਹਨ। ਲੋੜ ਪਈ ਤਾਂ ਹੋਰ ਵੀ ਫੰਡ ਜਾਰੀ ਕੀਤੇ ਜਾਣਗੇ। ਮੀਟਿੰਗ 'ਚ ਪੁੱਜੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੁਣ ਪਟਿਆਲਾ ਦੇ ਹਾਲਾਤ ਬਦਲ ਰਹੇ ਹਨ। ਸ਼ਹਿਰ ਵਾਸੀ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਨਿੱਜੀ ਦਿਲਚਸਪੀ ਲੈਣ ਲਈ ਧੰਨਵਾਦ ਕੀਤਾ। ਇਸ ਸਮੇਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਰਿਪੋਰਟ ਪੇਸ਼ ਕੀਤੀ। ਮੇਅਰ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਤੇ ਡਿਪਟੀ ਮੇਅਰ ਵਿਨਤੀ ਸੰਗਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਸਨਮਾਨ ਵੀ ਕੀਤਾ ਗਿਆ।
ਮੀਟਿੰਗ 'ਚ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਚੇਅਰਮੈਨ ਕੇ. ਕੇ. ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਪੀ. ਕੇ. ਪੁਰੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਓ. ਐੈੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਰਾਜੇਸ਼ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਏ. ਵੇਣੂ ਪ੍ਰਸਾਦ, ਕਮਿਸ਼ਨਰ ਵੀ. ਕੇ. ਮੀਣਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਆਈ. ਜੀ. ਸ੍ਰੀ. ਏ. ਐੈੱਸ. ਰਾਏ, ਐੈੱਸ. ਐੈੱਸ. ਪੀ. ਡਾ. ਐੈੱਸ. ਭੂਪਤੀ ਤੇ ਜੁਆਇੰਟ ਕਮਿਸ਼ਨਰ ਅੰਕੁਰ ਮਹਿੰਦਰੂ ਸਮੇਤ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
ਫਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ ਰੁਕਵਾਉਣ ਲਈ ਕੱਢਿਆ ਰੋਸ ਮਾਰਚ
NEXT STORY