ਭਾਂਖਰਪੁਰ/ਐੱਸ. ਏ. ਐੱਸ. ਨਗਰ (ਬਿਊਰੋ) : ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ’ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਅਧੀਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਅਤੇ ਮੁਹੱਲਾ ਪੱਧਰ ’ਤੇ ਕੈਂਪ ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ’ਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ’ਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ’ਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ’ਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ’ਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਮੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ 1076 ਨੰਬਰ ’ਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁਹੱਈਆ ਕਰਵਾਏਗਾ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
ਵੱਡੀ ਪੁਲਾਂਘ :‘ਆਪ ਦੀ ਸਰਕਾਰ, ਆਪ ਦੇ ਦੁਆਰ’
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ’ਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ’ਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ’ਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਲੋਕ ਹੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ’ਚ ਐੱਸ. ਡੀ. ਐੱਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐੱਸ. ਐੱਚ. ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐੱਸ. ਡੀ. ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ’ਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ’ਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ’ਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ’ਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ’ਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ’ਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ।
ਇਹ ਵੀ ਪੜ੍ਹੋ : ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ’ਚ ਦੇ ਸਕਦੇ ਨੇ
ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ’ਚ ਅਪਲਾਈ ਕਰਕੇ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ’ਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ’ਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ’ਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ’ਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਅ ਦੇਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀ ਕਿਸੇ ਵੀ ਲੋਕ-ਪੱਖੀ ਪਹਿਲਕਦਮੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਅਖ਼ਤਿਆਰ ਦੇਣ ਲਈ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦੋਂ ਕਿ ਹੁਣ ਸਰਕਾਰ ਲੋਕਾਂ ਦੇ ਘਰਾਂ ਤੱਕ ਜਾਵੇਗੀ।
ਇਹ ਵੀ ਪੜ੍ਹੋ : ਸਿਵਲ ਹਸਪਤਾਲ ਦੀ ਮੋਰਚਰੀ ’ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੁੰਦਾ ਹੈ ਅਜਿਹਾ ਸਲੂਕ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਖ਼ੁਲਾਸਾ : ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ’ਤੇ ਚਲਾਈ ਸੀ ਬਿਜ਼ਨੈੱਸਮੈਨ ਦੀ ਕੋਠੀ ’ਤੇ ਗੋਲੀ
NEXT STORY