ਅੰਮ੍ਰਿਤਸਰ (ਨੀਰਜ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਲੋਪੋਕੇ ਹਲਕੇ ਦੇ ਪਿੰਡ ਕੱਕੜ ਵਿਖੇ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਹੱਦ ’ਤੇ ਵਸਣ ਵਾਲੇ ਤੁਸੀਂ ਲੋਕ ਦੇਸ਼ ਦੇ ਆਖਰੀ ਪਿੰਡ ਨਹੀਂ ਸਗੋਂ ਦੇਸ਼ ਦੀ ਰੱਖਿਆ ਕਰਨ ਵਾਲੀ ਢਾਲ ਹੋ। ਉਨ੍ਹਾਂ ਕਿਹਾ ਕਿ ਤੁਹਾਡੀਆਂ ਮੁਸ਼ਕਿਲਾਂ ਸੁਣਨ ਲਈ ਮੈਂ ਇੱਥੇ ਆਇਆ ਹਾਂ ਅਤੇ ਕੇਂਦਰ ਤੇ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਇਨ੍ਹਾਂ ਨੂੰ ਹੱਲ ਕਰਨਾ ਮੇਰਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਹੁੰਦੀ ਸਮੱਗਲਿੰਗ ਨੂੰ ਰੋਕਣ ਲਈ ਬਣਾਈਆਂ ਗਈਆਂ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨੇ ਥੋੜ੍ਹੇ ਹੀ ਸਮੇਂ ਵਿਚ ਬਹੁਤ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਤੁਹਾਡੀ ਸਹਾਇਤਾ ਨਾਲ ਸੁਰੱਖਿਆ ਦਸਤਿਆਂ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਵੱਡੀ ਬਰਾਮਦਗੀ ਇਸ ਖੇਤਰ ਵਿੱਚੋਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਟੀਮਾਂ ਦੇ ਆਪਸੀ ਤਾਲਮੇਲ ਨਾਲ ਨਸ਼ੇ ਵਿਰੁੱਧ ਲਾਮਬੰਦੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਹਾਲਾਤ ਅੱਗੇ ਨਾਲੋਂ ਸੁਧਰੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਰਾਜਪਾਲ ਪੰਜਾਬ ਵੱਲੋਂ ਹਰੇਕ ਜ਼ਿਲ੍ਹੇ ਵਿਚ ਚੰਗਾ ਕੰਮ ਕਰਨ ਵਾਲੀਆਂ ਇਨ੍ਹਾਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਭਵਿੱਖ ਵਿਚ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਹੀਨੇ ਵਿਚ ਇਕ ਵਾਰ ਇਨ੍ਹਾਂ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਕੇ ਪਿੰਡ ਪੱਧਰ ਦੇ ਮਸਲੇ ਵੀ ਹੱਲ ਕੀਤੇ ਜਾਣ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ
ਕੁਝ ਕਿਸਾਨਾਂ ਵੱਲੋਂ ਉਠਾਏ ਮੁੱਦੇ ਦੇ ਜਵਾਬ ’ਤੇ ਬੋਲਦੇ ਕਟਾਰੀਆ ਨੇ ਕਿਹਾ ਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਵਿਚ ਖੇਤੀ ਕਰਨ ਦੀ ਵੱਡੀ ਸਮੱਸਿਆ ਤੁਹਾਨੂੰ ਆ ਰਹੀ ਹੈ, ਜਿਸ ਨੂੰ ਮੈਂ ਚੰਗੀ ਤਰ੍ਹਾਂ ਸਮਝਦਾ ਹਾਂ ਅਤੇ ਮੇਰੀ ਕੋਸ਼ਿਸ਼ ਹੋਵੇਗੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰ ਕੇ ਖੇਤੀ ਕਰਨ ਨੂੰ ਸੁਖਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਨਜ਼ਰ ਰੱਖਣ ਲਈ ਸੀ. ਸੀ. ਟੀ. ਵੀ. ਕੈਮਰੇ ਅਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ। ਤਾਰ ਤੋਂ ਪਾਰ ਜ਼ਮੀਨਾਂ ਲਈ ਮਿਲਦੀ ਮੁਆਵਜ਼ਾ ਰਾਸ਼ੀ ਬਾਰੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਵਿਚ ਮੁਆਵਜ਼ਾ ਨਹੀਂ ਮਿਲਿਆ, ਉਹ ਵੀ ਛੇਤੀ ਕੇਂਦਰ ਸਰਕਾਰ ਨਾਲ ਗੱਲ ਕਰ ਕੇ ਜਾਰੀ ਕੀਤਾ ਜਾਵੇਗਾ। ਉਨ੍ਹਾਂ ਬੀ. ਐੱਸ. ਐੱਫ. ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਡਿਆਲੀ ਤਾਰ ਤੋਂ ਪਾਰ ਜਾਣ ਵੇਲੇ ਗੇਟਾਂ ’ਤੇ ਹਾਜ਼ਰ ਰਹਿ ਕੇ ਲੋਕਾਂ ਨੂੰ ਕੰਮ ਕਰਨ ਲਈ ਸਮੇਂ ਸਿਰ ਅੱਗੇ ਲੰਘਾਉਣ ਦੇ ਪ੍ਰਬੰਧ ਕਰਨ।
ਰਾਜਪਾਲ ਨੇ ਲੋਕਾਂ ਨੂੰ ਸਿੱਖਿਆ ’ਤੇ ਧਿਆਨ ਦੇਣ ਦੀ ਅਪੀਲ ਕਰਦੇ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਇਸ ਇਲਾਕੇ ਦੀਆਂ ਲੜਕੀਆਂ ਲਈ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣ। ਕੁਝ ਪੰਚਾਇਤਾਂ ਵੱਲੋਂ ਸਰਹੱਦ ’ਤੇ ਬਣੇ ਨਾਲੇ ਦੇ ਪੁਰਾਣੇ ਪੁਲਾਂ ਨੂੰ ਚੌੜੇ ਕਰਨ ਦੀ ਮੰਗ ਤੇ ਬੋਲਦੇ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਸਰਕਾਰ ਨਾਲ ਗੱਲ ਕਰ ਕੇ ਇਨ੍ਹਾਂ ਪੁਲਾਂ ਨੂੰ ਮਜ਼ਬੂਤ ਅਤੇ ਚੌੜਾ ਬਣਾਉਣਾ ਯਕੀਨੀ ਬਣਾਉਣਗੇ। ਇਸ ਮੌਕੇ ਉਨਾਂ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਪੋਰਟਸ ਕਿੱਟਾਂ ਵੰਡੀਆਂ ਅਤੇ ਸਰਹੱਦੀ ਪੱਟੀ ਵਿੱਚ ਖੇਡਾਂ ਲਈ ਬਿਹਤਰ ਢਾਂਚਾ ਬਣਾਉਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਇਸ ਮੌਕੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਆਈਆਂ ਹੋਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ, ਜਦਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪਾਲ ਪੰਜਾਬ ਅਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਇਸ ਪ੍ਰੋਗਰਾਮ ਵਿਚ ਆਉਣ ’ਤੇ ਜੀ ਆਇਆਂ ਕਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਯੂਨੀਵਰਸਿਟੀ ਵਿਚ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਪਰੰਤ ਦੇਸ਼ ਦੀ ਸੁਰੱਖਿਆ ਲਈ ਕੰਮ ਕਰ ਰਹੀਆਂ ਵੱਖ-ਵੱਖ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਸਵੇਰੇ ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਸ੍ਰੀ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ ਹੋਏ ਅਤੇ ਮੰਦਿਰ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਿਕਨ ਖਾਣ ਵਾਲੇ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ
NEXT STORY