ਅੰਮ੍ਰਿਤਸਰ (ਬਿਊਰੋ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਕਿਸੇ ਵੀ ਸੂਰਤ ਵਿਚ ਸਿੱਖ ਫ਼ੌਜੀਆਂ ਦੇ ਸਿਰਾਂ ’ਤੇ ਲੋਹਟੋਪ ਪ੍ਰਵਾਨ ਨਹੀਂ ਹੈ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਅੱਜ ਨਵੀਂ ਦਿੱਲੀ ਵਿਚ ਕੌਮੀ ਘੱਟਗਿਣਤੀ ਕਮਿਸ਼ਨ ਦੇ ਦਫ਼ਤਰ ਵਿਚ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਵਫ਼ਦ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਦਿੱਲੀ ਤੋਂ ਸਿੱਖ ਆਗੂ ਭਾਈ ਸੁਖਵਿੰਦਰ ਸਿੰਘ ਬੱਬਰ, ਬੀਬੀ ਰਣਜੀਤ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੋਲ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਸਰਕਾਰ ਦੀ ਤਜਵੀਜ਼ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਕ ਨੁਕਾਤੀ ਵਿਚਾਰ ਰੱਖਿਆ ਕਿ ਲੋਹਟੋਪ ਦੇ ਮਾਮਲੇ ’ਤੇ ਕੋਈ ਵੀ ਤਰਕ ਜਾਂ ਵਿਚਾਰ-ਵਟਾਂਦਰਾ ਨਹੀਂ ਹੋ ਸਕਦਾ।
ਸ਼੍ਰੋਮਣੀ ਕਮੇਟੀ ਵਫ਼ਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੇ ਮਾਮਲੇ ’ਤੇ ਸਹਿਮਤੀ ਬਣਾਉਣ ਦੀ ਨੀਅਤ ਨਾਲ ਕੁਝ ਸਾਬਕਾ ਸਿੱਖ ਅਧਿਕਾਰੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਨਾਲ ਵਿਚਾਰ-ਵਟਾਂਦਰੇ ਦੀ ਪੇਸ਼ਕਸ਼ ਨੂੰ ਮੂਲੋਂ ਅਪ੍ਰਵਾਨ ਕਰਦਿਆਂ ਆਪਣਾ ਲਿਖਤੀ ਪੱਖ ਦੇ ਕੇ ਆਖਿਆ ਕਿ ਸਿੱਖ ਧਰਮ ਵਿਚ ਜਦ ਟੋਪੀ ਪਾਉਣਾ ਵਰਜਿਤ ਕਰਮ ਹੈ ਤਾਂ ਫਿਰ ਲੋਹਟੋਪ ਪਾਉਣ ਦੇ ਮਾਮਲੇ ਵਿਚ ਕੋਈ ਵੀ ਚਰਚਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਤਿਹਾਸ ਵਿਚੋਂ ਮਿਸਾਲਾਂ ਦਿੰਦਿਆਂ ਆਖਿਆ ਕਿ ਵਿਸ਼ਵ ਜੰਗਾਂ, ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਕਦੇ ਵੀ ਲੋਹਟੋਪ ਨਹੀਂ ਪਹਿਨਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੁਆਰਾ ਬਖਸ਼ੀ ਦਸਤਾਰ ਦੇ ਨਾਲ ਸਿੱਖ ਫ਼ੌਜੀਆਂ ਨੇ ਹਮੇਸ਼ਾ ਦੁਸ਼ਮਣ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਨੂੰ ਲੋਹੇ ਦੇ ਚਣੇ ਚਬਾਏ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਲਿਖਤੀ ਪੱਖ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਸੌਂਪਦਿਆਂ ਸਿੱਖ ਇਤਿਹਾਸ, ਪਰੰਪਰਾ ਅਤੇ ਸਿੱਖ ਰਹਿਤ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ
NEXT STORY