ਬਟਾਲਾ, (ਸੈਂਡੀ)- ਅੱਜ ਡਿਸਟ੍ਰਿਕ ਠੇਲ੍ਹਾ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਇਕ ਰੋਸ ਰੈਲੀ ਅੰਮ੍ਰਿਤਸਰ ਰੋਡ 'ਤੇ ਠੇਲ੍ਹਾ ਯੂਨੀਅਨ ਦੇ ਪ੍ਰਧਾਨ ਨਿਰਮਲ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਭਾਰੀ ਗਿਣਤੀ ਵਿਚ ਮਜ਼ਦੂਰ ਵਰਕਰ ਇਕੱਠੇ ਹੋਏ। ਠੇਲ੍ਹਾ ਮਜ਼ਦੂਰ ਯੂਨੀਅਨ ਨੇ ਸਰਕਾਰ ਖਿਲਾਫ ਮਹਿੰਗਾਈ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨਿਰਮਲ ਦਾਸ ਨੇ ਦੱਸਿਆ ਕਿ ਜਦੋਂ ਦੀ ਕੇਂਦਰ ਵਿਚ ਮੋਦੀ ਸਰਕਾਰ ਆਈ ਹੈ, ਉਦੋਂ ਦੀ ਮਹਿੰਗਾਈ ਰੁਕਣ ਦਾ ਨਾਂ ਹੀ ਨਹੀਂ ਲੈ ਲਈ ਅਤੇ ਬਾਜ਼ਾਰ 'ਚ 50 ਰੁਪਏ ਕਿੱਲੋ ਪਿਆਜ਼ ਵਿਕ ਰਿਹਾ ਹੈ, ਜੋ ਕਿ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੈ। ਪ੍ਰਧਾਨ ਨਿਰਮਲ ਨੇ ਅੱਗੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਧੀਆਂ ਨੂੰ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਗਰੀਬਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ 'ਚ ਆਉਣ ਵਾਲਾ ਮੋਦੀ ਕਹਿੰਦਾ ਸੀ, ਕਿ 'ਅੱਛੇ ਦਿਨ ਆਨੇ ਵਾਲੇ ਹੈ'।
ਉਨ੍ਹਾਂ ਅੱਗੇ ਕਿਹਾ ਕਿ ਗਰੀਬਾਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਰਾਸ਼ਨ ਦੀ ਸਹੂਲਤ ਵੀ ਨਹੀਂ ਮਿਲ ਰਹੀ ਅਤੇ ਕਈ ਗਰੀਬ ਮਜ਼ਦੂਰਾਂ ਦੀਆਂ ਪੈਨਸ਼ਨਾਂ ਵੀ ਕੱਟੀਆਂ ਗਈਆਂ ਹਨ ਅਤੇ ਨਾ ਹੀ ਮਜ਼ਦੂਰਾਂ ਦੀ ਦਿਹਾੜੀ 'ਚ ਕੋਈ ਵਾਧਾ ਕੀਤਾ ਹੈ। ਇਸ ਸਬੰਧੀ ਠੇਲ੍ਹਾ ਮਜ਼ਦੂਰ ਯੂਨੀਅਨ ਨੇ ਪਹਿਲਾਂ ਵੀ ਕਈ ਵਾਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਬੇਨਤੀ ਕਰ ਕੇ ਆਪਣੀਆਂ ਮੁਸ਼ਕਿਲਾਂ ਪ੍ਰਤੀ ਜਾਣੂ ਕਰਵਾਇਆ ਹੈ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਾਡੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਕੀਤਾ, ਜਿਸ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਤੁਰੰਤ ਚਾਲੂ ਨਾ ਕੀਤਾ, ਤਾਂ ਉਹ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ਧਰਮਪਾਲ ਜਨਰਲ ਸੈਕਟਰੀ, ਸਤਨਾਮ ਸਿੰਘ, ਪ੍ਰੀਤਮ ਚੰਦ, ਮਾਸਟਰ ਮਹਿੰਦਰ ਸਿੰਘ, ਗੁਰਬਖ਼ਸ਼ ਸਿੰਘ, ਦਿਆ ਰਾਮ ਆਦਿ ਹਾਜ਼ਰ ਸਨ।
ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ
NEXT STORY