ਬਠਿੰਡਾ, (ਸੁਖਵਿੰਦਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਸਾਹਮਣੇ ਚੱਲ ਰਿਹਾ ਰੋਸ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਰੋਸ ਜਤਾਇਆ ਗਿਆ। ਇਸ ਤੋਂ ਇਲਾਵਾ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪ ਕੇ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ 5 ਫਰਵਰੀ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ 'ਚ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਉਚਿਤ ਕਦਮ ਨਾ ਚੁੱਕਿਆ ਗਿਆ ਤਾਂ 7 ਤੋਂ 15 ਫਰਵਰੀ ਤੱਕ ਬਲਾਕ ਪੱਧਰ 'ਤੇ ਸੂਬਾ ਸਰਕਾਰ ਦੇ ਪੁਤਲੇ ਸਾੜੇ ਜਾਣਗੇ।
ਆਗੂਆਂ ਨੇ ਰੋਸ ਜਤਾਇਆ ਕਿ ਅਕਤੂਬਰ 2017 'ਚ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ 3-6 ਸਾਲ ਦੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ 'ਚ ਭੇਜਣ ਦਾ ਫੈਸਲਾ ਕੀਤਾ ਗਿਆ ਸੀ ਪਰ ਬਾਅਦ 'ਚ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ 25 ਫਰਵਰੀ ਨੂੰ ਦੀਨਾ ਨਗਰ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ, 4 ਮਾਰਚ ਨੂੰ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਅਤੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਕੌਰ ਗੋਨਿਆਣਾ, ਜਸਵੀਰ ਕੌਰ ਬਠਿੰਡਾ, ਕ੍ਰਿਪਾਲ ਕੌਰ ਬਠਿੰਡਾ, ਦਰਸ਼ਨਾ ਰਾਣੀ, ਪਰਮ ਰਾਜ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਹਾਸੋਹੀਣੀਆਂ ਗੱਲਾਂ ਕਰਨ ਦੀ ਥਾਂ ਢੀਂਡਸਾ ਪਰਿਵਾਰ ਆਪਣਾ ਗੁਨਾਹ ਕਬੂਲ ਕਰੇ : ਭੱਠਲ
NEXT STORY