ਗੁਰਦਾਸਪੁਰ, (ਹਰਮਨ) -ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਦਾਊਵਾਲ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ ’ਤੇ ਹੁਸ਼ਿਆਰਪੁਰ ਜ਼ਿਲੇ ਦੇ ਨੌਸ਼ਹਿਰਾ ਪੱਤਣ ਬਾਜ਼ਾਰ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ (32) ਪੁੱਤਰ ਜਗੀਰ ਸਿੰਘ, ਸਾਬਕਾ ਸਰਪੰਚ ਵਾਸੀ ਦਾਊਵਾਲ, ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਨੌਸ਼ਹਿਰਾ ਪੱਤਣ ਬਾਜ਼ਾਰ ਸਮਾਨ ਖਰੀਦਣ ਲਈ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਵੈਨਿਊ ਕਾਰ (ਨੰਬਰ PB07 CN 2264) ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ ਕਾਰ ਚਾਲਕ ਨੇ ਟੱਕਰ ਮਾਰਣ ਤੋਂ ਬਾਅਦ ਵੀ ਗੱਡੀ ਨਹੀਂ ਰੋਕੀ ਅਤੇ ਨਿਸ਼ਾਨ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਫ਼ੀ ਦੂਰ ਤੱਕ ਘਸੀਟਦਾ ਲੈ ਗਿਆ। ਹਾਦਸੇ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਨਿਸ਼ਾਨ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ, ਜਿੱਥੋਂ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਪਹੁੰਚਣ ਉਪਰੰਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮ੍ਰਿਤਕ ਦੇ ਪਿਤਾ ਜਗੀਰ ਸਿੰਘ, ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਅਮਨੀਤ ਕੁਮਾਰ ਨੇ ਦੋਸ਼ ਲਗਾਇਆ ਕਿ ਕਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਰੋਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਨਿਸ਼ਾਨ ਸਿੰਘ ਨੂੰ ਕਈ ਕਿੱਲਿਆਂ ਤੱਕ ਘਸੀਟਦੇ ਰਹੇ। ਬਾਅਦ ਵਿੱਚ ਸਥਾਨਕ ਲੋਕਾਂ ਦੀ ਮਦਦ ਨਾਲ ਪੁਲਸ ਨੇ ਦੋਵਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ।
ਨਿਸ਼ਾਨ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ। ਇਸ ਦੌਰਾਨ ਹਲਕਾ ਇੰਚਾਰਜ ਕਮਲਜੀਤ ਚਾਵਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਘਟਨਾ ਦੇ ਹਾਲਾਤਾਂ ਨੂੰ ਵੇਖਦਿਆਂ ਇਹ ਸਿਰਫ਼ ਹਾਦਸਾ ਨਹੀਂ, ਸਗੋਂ ਗੰਭੀਰ ਲਾਪਰਵਾਹੀ ਦਾ ਮਾਮਲਾ ਲੱਗਦਾ ਹੈ। ਪੀੜਤ ਪਰਿਵਾਰ ਨੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠੇ ਵਿਅਕਤੀ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਧਰ, ਜਦੋਂ ਦੂਜੀ ਧਿਰ ਦਾ ਪੱਖ ਜਾਣਨ ਲਈ ਪੱਤਰਕਾਰਾਂ ਵੱਲੋਂ ਉਨ੍ਹਾਂ ਦੇ ਪਿੰਡ ਤੱਗੜ ਕਲਾਂ ਵਿੱਚ ਸੰਪਰਕ ਕੀਤਾ ਗਿਆ ਤਾਂ ਪਰਿਵਾਰਕ ਮੈਂਬਰਾਂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
NEXT STORY