ਫਾਜ਼ਿਲਕਾ (ਨਾਗਪਾਲ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨੇਵਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਤੰਬਾਕੂ ਤੋਂ ਬਚਾਉਣ ਲਈ ਕੋਟਪਾ ਐਕਟ ਸਬੰਧੀ ਵਿਸ਼ੇਸ਼ ਕੈਂਪ ਲਾਕੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਆਦਿ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਧਿਕਾਰੀਆਂ ਨੂੰ ਹੁਕਮ ਦਿੰਦਿਆਂ ਕਿਹਾ ਕਿ ਜ਼ਿਲੇ 'ਚ ਚੱਲ ਰਹੇ ਅਲਟਰਾਸਾਉਂਡ ਸੈਂਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਤਾਂ ਜੋ ਲਿੰਗ ਜਾਂਚ ਵਰਗੇ ਅਪਰਾਧ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲ ਵਿਖੇ ਜਣੇਪਾ ਦਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਕੈਂਪ ਲਾਏ ਜਾਣ। ਉਨ੍ਹਾਂ ਹੁਕਮ ਦਿੱਤੇ ਕਿ ਮੋਬਾਇਲ ਮੈਡੀਕਲ ਯੂਨਿਟ ਵੈਨ ਰਾਹੀਂ ਪਿੰਡਾਂ 'ਚ ਪਹੁੰਚ ਕਰ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨੇਵਾਰ ਮੀਟਿੰਗ ਕਰ ਕੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਜ਼ਿਲੇ ਦੇ ਸਕੂਲਾਂ 'ਚ ਚੱਲ ਰਹੀ ਮਿਡ-ਡੇ-ਮੀਲ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਦੀ ਸਾਂਭ-ਸੰਭਾਲ ਲਈ ਆਲੇ-ਦੁਆਲੇ ਚਾਰ-ਦੀਵਾਰੀ ਕਰਨ ਤੇ ਸਕੂਲਾਂ 'ਚ ਬੱਚਿਆਂ ਦੇ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੀ ਅਧਿਕਾਰੀਆਂ ਨੂੰ ਹੁਕਮ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁਕਲ, ਸੀਨੀਅਰ ਮੈਡੀਕਲ ਅਫਸਰ ਰਾਜੇਸ਼ ਸ਼ਰਮਾ, ਡੀ. ਪੀ. ਐੱਮ. ਰਾਜੇਸ਼ ਕੁਮਾਰ ਅਤੇ ਹੋਰ ਵੱਖ-ਵੱਖ ਅਧਿਕਾਰੀ ਸ਼ਾਮਲ ਸਨ।
ਰਾਸ਼ਟਰੀ ਮੁੱਦਿਆਂ 'ਤੇ ਕਾਂਗਰਸ ਲੜੇਗੀ ਗੁਰਦਾਸਪੁਰ ਲੋਕਸਭਾ ਸੀਟ ਦੀ ਚੋਣ : ਜਾਖੜ
NEXT STORY