ਚੰਡੀਗੜ੍ਹ, (ਸ਼ਰਮਾ)- ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਸੰਸਦ ਵਿਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਸਬੰਧੀ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਆਪਣੇ ਦੇਸ਼ ਵਾਸੀਆਂ ਲਈ ਗੈਰ ਜ਼ਿੰਮੇਵਾਰ, ਅਣਮਨੁੱਖੀ ਅਤੇ ਹੰਕਾਰੀ ਹੋਣਾ ਸਿੱਧ ਕਰਦਾ ਹੈ। ਸੀਨੀਅਰ ਆਗੂ ਅਤੇ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਸਦ ਵਿਚ ਕੇਂਦਰੀ ਮੰਤਰੀ ਨਰਿੰਦਰ ਤੋਮਰ ਵਲੋਂ ਇਹ ਕਹਿਣਾ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਇਹ ਅਣਮਨੁੱਖੀ ਅਤੇ ਹੰਕਾਰੀ ਵਿਵਹਾਰ ਹੈ। ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਨਵੇਂ ਕਾਨੂੰਨਾਂ ਨੂੰ ਆਪਣੇ ਲਈ ਮੌਤ ਦੇ ਵਾਰੰਟ ਦੱਸਦੇ ਆ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਦੇ ਇਨ੍ਹਾਂ ਮੌਤਾਂ ਦੇ ਵਾਰੰਟ ਨੂੰ ਸਹੀ ਠਹਿਰਾਉਣ ਲਈ 7.95 ਕਰੋੜ ਰੁਪਏ ਖਰਚ ਕਰ ਦਿੱਤੇ। ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨਾਂ ਦਾ ਪ੍ਰਚਾਰ ਕਰਨ ਲਈ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਕਰਨਾ ਸ਼ਹੀਦ ਕਿਸਾਨਾਂ ਦਾ ਅਪਮਾਨ ਹੈ।
ਉਨ੍ਹਾਂ ਕਿਹਾ ਕਿ ਹੁਣ ਤਕ ਕਰੀਬ 228 ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰਾਂ ਲਈ ਕੋਈ ਯੋਜਨਾ ਨਾ ਹੋਣੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਲਈ ਅੰਨ ਪੈਦਾ ਕਰਦਾ ਅਤੇ ਕਿਸਾਨਾਂ ਦੇ ਪੁੱਤਰ ਦੇਸ਼ ਦੀਆਂ ਸਰਹੱਦਾਂ ’ਤੇ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ ਪਰ ਮੋਦੀ ਸਰਕਾਰ ਵਲੋਂ ਉਸੇ ਕਿਸਾਨ ਨੂੰ ਹੀ ਨਕਾਰ ਦੇਣਾ, ਇਸ ਤੋਂ ਵੱਡਾ ਪਾਪ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀ ਗੱਲ ਮੰਨਣ ਦੀ ਬਜਾਏ ਹੁਣ ਤੱਕ ਇਹ ਕਹਿੰਦੀ ਆ ਰਹੀ ਹੈ ਕਿ ਉਹ ਸਰਕਾਰ ’ਤੇ ਵਿਸ਼ਵਾਸ ਕਰਨ ਕਿ ਇਹ ਕਾਨੂੰਨ ਕਿਸਾਨਾਂ ਦੇ ਪੱਖ ਵਿਚ ਹਨ ਪਰ ਦੇਸ਼ ਵਾਸੀ ਉਨ੍ਹਾਂ ’ਤੇ ਵਿਸ਼ਵਾਸ ਕਿਸ ਤਰ੍ਹਾਂ ਕਰ ਸਕਦੇ ਹਨ, ਜੋ ਸਰਕਾਰ ਦੇਸ਼ ਵਾਸੀਆਂ ਨਾਲ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੰਦੀ ਆਈ ਹੈ।
ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: DSP
NEXT STORY