ਫਰੀਦਕੋਟ (ਰਾਜਨ) : ਜ਼ਿਲ੍ਹਾ ਫਰੀਦਕੋਟ ਵਿਚ ਬੇਕਾਬੂ ਰਫ਼ਤਾਰ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਗਈ। ਕੇਂਦਰੀ ਜੇਲ੍ਹ ਫਰੀਦਕੋਟ ਦੇ ਸਾਹਮਣੇ ਉਸ ਵੇਲੇ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਗੁਰਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੱਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਰੇਸ਼ਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬੂਟਾ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਕੇਂਦਰੀ ਜੇਲ੍ਹ ਨੇੜੇ ਪਹੁੰਚੇ ਤਾਂ ਸਾਹਮਣੇ ਆ ਰਹੀ ਟਰੈਕਟਰ-ਟਰਾਲੀ ਨੇ ਤੇਜ਼ ਅਤੇ ਲਾਪਰਵਾਹੀ ਭਰੀ ਰਫ਼ਤਾਰ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਬੂਟਾ ਸਿੰਘ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਟਰੈਕਟਰ-ਟਰਾਲੀ ਚਾਲਕ ਲਵਪ੍ਰੀਤ ਸਿੰਘ ਵਾਸੀ ਪਿੰਡ ਟਹਿਣਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਭਾਰਤੀ ਨਿਆਇਕ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
NEXT STORY