ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਪਿਛਲੇ ਦਿਨੀਂ ਸ਼ਹਿਰ ਦੇ ਵਪਾਰੀਆਂ, ਸਮਾਜਿਕ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਰਾਮ ਚੌਂਕ 'ਚ ਸਥਿਤ ਰੈਸਟੋਰੈਂਟ 'ਚ ਹਲਕੇ ਦੇ ਵਿਧਾਇਕ ਅਤੇ ਸਰਕਾਰੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸ਼ਹਿਰ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੇ ਸ਼ਹਿਰ 'ਚ ਫਾਇਰ ਬ੍ਰਿਗੇਡ ਦੀ ਸਥਾਈ ਵਿਵਸਥਾ ਕਰਨ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਸਮੇਂ ਫਾਇਰ ਬ੍ਰਿਗੇਡ ਦੀ ਗੱਡੀਆਂ ਨੂੰ ਜਲਾਲਾਬਾਦ, ਫਿਰੋਜ਼ਪੁਰ, ਫਾਜ਼ਿਲਕਾ ਤੋਂ ਅੱਗ 'ਤੇ ਕਾਬੂ ਪਾਉਣ ਲਈ ਮੰਗਵਾਉਣਾ ਪੈਂਦਾ ਹੈ, ਜਿਨ੍ਹਾਂ ਨੂੰ ਘਟਨਾ ਵਾਲੀ ਥਾਂ 'ਤੇ ਪਹੁੰਚਣ 'ਚ ਕਾਫੀ ਸਮਾਂ ਲੱਗਦਾ ਹੈ ਅਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਪਿਛਲੇ ਦਿਨੀਂ ਵੀ ਸ਼ਹਿਰ 'ਚ ਫਰਨੀਚਰ ਦੇ ਸ਼ੋਅਰੂਮ ਨੂੰ ਅੱਗ ਲੱਗ ਗਈ ਸੀ, ਜਿਸ ਕਾਰਨ ਉਸ ਵਪਾਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਸ਼ਹਿਰ ਅੰਦਰ ਮਾੜੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਅਤੇ ਕਿਹਾ ਕਿ ਕੁੱਝ ਅਪਰਾਧਿਕ ਅਤੇ ਨਸ਼ਾ ਤਸਕਰੀ ਨਾਲ ਸਬੰਧਿਤ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਹੋਰ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਮੀਟਿੰਗ 'ਚ ਮੌਜੂਦ ਇਲਾਕੇ ਦੇ ਡੀ. ਐੱਸ.ਪੀ, ਤਜਿੰਦਰ ਪਾਲ ਸਿੰਘ, ਥਾਣਾ ਮੁਖੀ ਜਗਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਸ਼ਹਿਰ ਅੰਦਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਇਸ ਮੀਟਿੰਗ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ਅਤੇ ਲੋਕਾਂ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਦੌਰਾਨ ਮੀਟਿੰਗ 'ਚ ਮੌਜੂਦ ਸਮਾਜ ਸੇਵੀ ਅਤੇ ਸਰਕਾਰੀ ਵਿਭਾਗ ਤੋਂ ਰਿਟਾਇਰ ਹੋਏ ਬੂੜ ਚੰਦ ਬਿੰਦਰਾ ਨੇ ਭਰੀ ਮੀਟਿੰਗ 'ਚ ਵਿਧਾਇਕ ਅਤੇ ਸਰਕਾਰੀ ਅਧਿਕਾਰੀਆਂ ਸਾਹਮਣੇ ਕਿਹਾ ਕਿ ਉਸ ਨੇ ਕੁੱਝ ਦਿਨ ਪਹਿਲਾਂ ਤਹਿਸੀਲ ਕੰਪਲੈਕਸ 'ਚ ਰਜਿਸਟਰੀ ਕਰਵਾਈ ਅਤੇ ਰਜਿਸਟਰੀ ਕਰਾਉਣ ਦੇ ਬਦਲੇ ਉਸ ਨੇ ਹਜ਼ਾਰਾਂ ਰੁਪਏ ਰਿਸ਼ਵਤ ਦਿੱਤੀ ਹੈ। ਇਹ ਗੱਲ ਸੁਣ ਕੇ ਵਿਧਾਇਕ ਅਤੇ ਸਰਕਾਰੀ ਅਧਿਕਾਰੀਆਂ ਦੇ ਹੋਸ਼ ਉੱਡ ਗਏ। ਬੂੜ ਚੰਦ ਬਿੰਦਰਾ ਵੱਲੋਂ ਦਿੱਤੇ ਗਏ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
NEXT STORY