ਮੋਗਾ (ਆਜ਼ਾਦ) - ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲਿਆਂ ਵਿਰੁੱਧ ਹੁਣ ਟ੍ਰੈਫਿਕ ਪੁਲਸ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਟ੍ਰੈਫਿਕ ਇੰਚਾਰਜ ਇੰਸਪੈਕਟਰ ਜਗਤਾਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਬੁਲੇਟ ਮੋਟਰਸਾਈਕਲ ਚਾਲਕਾਂ ਨੂੰ ਰੋਕ ਕੇ ਕਾਗਜ਼ਾਤ ਚੈੱਕ ਕੀਤੇ ਗਏ ਅਤੇ ਚਲਾਨ ਕੱਟੇ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ ਜਗਤਾਰ ਸਿੰਘ ਨੇ ਕਿਹਾ ਕਿ ਮਾਣਯੋਗ ਜ਼ਿਲਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਟ੍ਰੈਫਿਕ ਸਮੱਸਿਆ ਨੂੰ ਖਤਮ ਕਰਨ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਿਨ-ਰਾਤ ਜਿਥੇ ਪੁਲਸ ਵੱਲੋਂ ਗਸ਼ਤ ਵਧਾਈ ਗਈ ਹੈ, ਉਥੇ ਹੀ ਨਾਕਾਬੰਦੀ ਕਰ ਕੇ ਪੁਲਸ ਵੱਲੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲਿਆਂ ਦੀ ਹੁਣ ਖੈਰ ਨਹੀਂ। ਉਨ੍ਹਾਂ ਸਮੂਹ ਵ੍ਹੀਕਲ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਅੱਜ ਹੁੱਲਡ਼ਬਾਜ਼ੀ ਕਰਨ ਵਾਲੇ ਕਰੀਬ 5-6 ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਇਸ ਮੌਕੇ ਸਬ-ਇੰਸਪੈਕਟਰ ਹਕੀਕਤ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ ਆਦਿ ਹਾਜ਼ਰ ਸਨ।
ਜਾਨਲੇਵਾ ਹਮਲੇ ਦਾ ਭਗੌਡ਼ਾ ਦੋਸ਼ੀ ਅਡ਼ਿੱਕੇ
NEXT STORY