ਚੰਡੀਗੜ੍ਹ (ਰਮਨਜੀਤ)- ਸਰਕਾਰ ਅਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਸੂਬੇ ਵਿਚ ਚੱਲ ਰਹੇ ਟਰਾਂਸਪੋਰਟ ਮਾਫ਼ੀਆ ਵਲੋਂ ਸੂਬੇ ਦੇ ਸਰਕਾਰੀ ਤੰਤਰ ਨੂੰ ਲਾਏ ਜਾ ਰਹੇ ਖੋਰੇ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਮੀਡੀਆ ਵਿਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਬ ਅਤੇ ਰੇਤ ਮਾਫ਼ੀਆ ਵਾਂਗ ਸੂਬੇ ਵਿਚ ਟਰਾਂਸਪੋਰਟ ਮਾਫ਼ੀਆ ਵੀ ਬੇਰੋਕ-ਟੋਕ ਚੱਲ ਰਿਹਾ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਕਾਂਗਰਸੀ ਆਗੂ ਸ਼ਹਿ ਦੇ ਰਹੇ ਹਨ।
ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਹੋਣ ਬਾਰੇ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਵੀ ਬਾਦਲ ਆਪਣੀ ਕਾਲੀ ਕਮਾਈ ਰਾਹੀਂ ਟਰਾਂਸਪੋਰਟ ਮਾਫ਼ੀਆ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਸੂਬੇ ਵਿਚ ਬਾਦਲ ਪਰਿਵਾਰ ਟਰਾਂਸਪੋਰਟ ਮਾਫ਼ੀਆ ਦਾ ਸਭ ਤੋਂ ਵੱਡਾ ਸਰਗਣਾ ਹੈ। ਬਾਦਲਾਂ ਦੇ ਡਰ ਕਾਰਨ ਹੀ ਛੋਟੇ ਟਰਾਂਸਪੋਰਟਰ ਜਾਂ ਤਾਂ ਬਿਜ਼ਨੈੱਸ ਛੱਡ ਰਹੇ ਹਨ ਜਾਂ ਉਨ੍ਹਾਂ ਨੂੰ ਬਾਦਲਾਂ ਨਾਲ ਮਿਲ ਕੇ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ਕਾਰਨ ਹੀ ਸੂਬੇ ਦਾ ਸਰਕਾਰੀ ਤੰਤਰ ਬਾਦਲਾਂ ਸਾਹਮਣੇ ਬੌਣਾ ਮਹਿਸੂਸ ਕਰ ਰਿਹਾ ਹੈ ਅਤੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਦੀਆਂ ਬੱਸਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ਮੁੱਦੇ 'ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਨੂੰ ਬਾਦਲਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੌਣ ਰੋਕ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਮਹਿਲਾਵਾਂ ਨੂੰ ਸਲਾਮ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)
NEXT STORY