ਬਟਾਲਾ (ਕਲਸੀ) : ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਾਦੀਆਂ ਸਥਿਤ ਆਪਣੇ ਨਿਵਾਸ ਸਥਾਨ ’ਤੇ ਕਾਲਾ ਝੰਡਾ ਲਹਿਰਾ ਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਿਸਾਨੀ ਕਾਨੂੰਨਾਂ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ ਹੈ। ਬਾਜਵਾ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹਨ। ਬਾਜਵਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਦੀ ਆਵਾਜ਼ ਦੇ ਵਿਰੁੱਧ ਕਾਨੂੰਨ ਪਾਸ ਕੀਤੇ ਹਨ ਉਸ ਤੋਂ ਦੁਨੀਆਂ ਭਰ ਵਿਚ ਇਹੀ ਪ੍ਰਭਾਵ ਗਿਆ ਹੈ ਕਿ ਜਿਵੇਂ ਦੇਸ਼ ਵਿਚ ਲੋਕਤੰਤਰ ਨਾ ਹੋ ਕੇ ਤਾਨਸ਼ਾਹੀ ਰਾਜ ਚੱਲ ਰਿਹਾ ਹੋਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਤੰਤਰੀ ਰਾਜਾਂ ਵਿਚ ਲੋਕ ਸਭ ਤੋਂ ਉੱਪਰ ਹੁੰਦੇ ਹਨ ਅਤੇ ਹਰ ਸਰਕਾਰ ਨੂੰ ਲੋਕਾਂ ਦੀ ਇੱਛਾ ਅਨੁਸਾਰ ਚੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਫਤਵੇ ਨੂੰ ਲੋਕਾਂ ਦੇ ਵਿਰੁੱਧ ਵਰਤਣ ਵਾਲੀਆਂ ਸਰਕਾਰਾਂ ਜ਼ਿਆਦਾ ਸਮਾਂ ਨਹੀਂ ਚੱਲਦੀਆਂ ਅਤੇ ਲੋਕ ਰਾਇ ਨੂੰ ਅੱਖੋਂ ਪਰੋਖੇ ਕਰਨ ਵਾਲੀਆਂ ਸਰਕਾਰਾਂ ਦਾ ਲੋਕ ਬੜੀ ਜਲਦੀ ਤਖਤਾ ਵੀ ਪਲਟ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ ‘ਮਨ ਕੀ ਬਾਤ’ ਸੁਣਾਉਣ ਅਤੇ ਆਪਣੀ ‘ਮਨਮਰਜ਼ੀ’ ਕਰਨ ਨਾਲ ਦੇਸ਼ ਨਹੀਂ ਚੱਲਦੇ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਜਨ ਕੀ ਬਾਤ’ ਵੀ ਸੁਣਨੀ ਚਾਹੀਦੀ ਹੈ।
ਬਾਜਵਾ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੱਚਮੁੱਚ ਹੀ ਦੇਸ਼ ਦੇ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਉਸਨੂੰ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਹਨ ਅਤੇ ਮੋਦੀ ਸਰਕਾਰ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨਣ ਦੀ ਬਜਾਏ ਹੇਠਲੇ ਪੱਧਰ ਦੇ ਹੱਥਕੰਢੇ ਵਰਤ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੇ ਯਤਨ ਕਰ ਰਹੀ ਹੈ, ਜੋ ਕਿ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਉਹ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਆਪਣੇ ਗ੍ਰਹਿ ਵਿਖੇ ਕਾਲਾ ਝੰਡਾ ਲਹਿਰਾ ਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ ਹੈ।
Chandra Grahan 2021 : ਇਨ੍ਹਾਂ 4 ਰਾਸ਼ੀ ਵਾਲੇ ਲੋਕਾਂ ਦੇ ਜੀਵਨ ’ਚ ਖੁਸ਼ੀਆਂ ਲੈ ਕੇ ਆਏਗਾ ਅੱਜ ਦਾ ‘ਚੰਦਰ ਗ੍ਰਹਿਣ’
NEXT STORY