ਚੰਡੀਗੜ੍ਹ : ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਸੂਬੇ ਭਰ ਵਿੱਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸੂਬੇ ਦੇ 14919 ਛੱਪੜਾਂ 'ਚੋਂ 12244 ਛੱਪੜਾਂ ਵਿੱਚ ਗੰਦਾ ਪਾਣੀ ਕੱਢਣ ਦਾ ਕੰਮ ਕਰਾਇਆ ਗਿਆ ਸੀ ਅਤੇ 7345 ਛੱਪੜਾਂ 'ਚੋਂ ਗਾਰ ਕੱਢੀ ਗਈ ਸੀ। ਇਸੇ ਤਰਜ਼ 'ਤੇ ਇਸ ਸਾਲ ਵੀ ਮਈ ਅਤੇ ਜੂਨ ਮਹੀਨੇ ਵਿੱਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਸੂਬੇ ਭਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।
ਪੰਚਾਇਤ ਮੰਤਰੀ ਬਾਜਵਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਗਨਰੇਗਾ ਦੇ ਤਹਿਤ ਮੁਕੰਮਲ ਕੀਤੇ ਜਾਣਗੇ ਤਾਂ ਜੋ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਆਇਦ ਕੀਤੀਆਂ ਪਾਬੰਦੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਛੱਪੜਾਂ ਦੀ ਸਫ਼ਾਈ ਦੌਰਾਨ 21,22,032 ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਸਨ, ਜਿਸ ਨਾਲ ਪਿੰਡਾਂ ਦੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਗਈ। ਕੋਵਿਡ ਪਾਬੰਦੀਆਂ ਦੇ ਚੱਲਦਿਆਂ ਮਗਨਰੇਗਾ ਤਹਿਤ ਰੁਜ਼ਗਾਰ ਦੇ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਭਰ ਦੇ ਅਧਿਕਾਰੀਆਂ ਨੂੰ ਮਗਨਰੇਗਾ ਕਾਮਿਆਂ ਦੀ ਰਜਿਸਟਰੇਸ਼ਨ ਮੁਹਿੰਮ ਚਲਾਉਣ ਲਈ ਵੀ ਹਦਾਇਤ ਕੀਤੀ ਗਈ ਹੈ।
ਕੋਰੋਨਾ ਨੇ ਲਈ ਜਲੰਧਰ ਜ਼ਿਲ੍ਹੇ 'ਚ 11 ਪੀੜਤਾਂ ਦੀ ਜਾਨ, 700 ਤੋਂ ਵਧੇਰੇ ਮਿਲੇ ਨਵੇਂ ਮਾਮਲੇ
NEXT STORY