ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫਰਵਰੀ ਨੂੰ ਨਤਮਸਤਕ ਹੋਣ ਲਈ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰ ਰਹੀ ਹੈ। ਇਸ ਸਬੰਧੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ, ਉਥੇ ਹੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਕੀਤਾ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਨਿਰਧਾਰਤ ਵਰਦੀ 'ਚ ਹੋਣਗੇ ਅਤੇ ਖ਼ਾਸ ਕਰ ਕੇ ਉਨ੍ਹਾਂ ਨੂੰ ਕੇਸਰੀ ਦਸਤਾਰ ਸਜਾਉਣ ਲਈ ਕਿਹਾ ਗਿਆ ਹੈ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਉਸ ਦਿਨ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਅਕਾਲੀ ਸਰਕਾਰ ਸਮੇਂ ਬਣਾਏ ਗਏ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।
ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ
NEXT STORY