ਬਠਿੰਡਾ(ਸੁਖਵਿੰਦਰ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ’ਚ ਪੱਕੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਵੀ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਮੀਟਿੰਗ ਦਾ ਵਿਰੋਧ ਕੀਤਾ, ਜਿਸ ਮਗਰੋਂ ਪੁਲਸ ਨੇ ਦੋ ਦਰਜਨ ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਐਤਵਾਰ ਨੂੰ ਗ੍ਰੀਨ ਸਿਟੀ ਕਾਲੋਨੀ ਨੇੜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਟਿੰਗ ਕੀਤੀ ਜਾ ਰਹੀ ਸੀ, ਜਿਸ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਨੇ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ’ਤੇ ਪੁੱਜੀ ਵੱਡੀ ਗਿਣਤੀ ਪੁਲਸ ਨੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਸ ਤੇ ਠੇਕਾ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਵੀ ਹੋਈ।
ਪੁਲਸ ਨੇ ਦੋ ਦਰਜਨ ਦੇ ਕਰੀਬ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਘਟਨਾ ਵਾਲੀ ਥਾਂ ਤੋਂ ਭਜਾ ਦਿੱਤਾ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰ ਕੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ, ਉਦੋਂ ਤਕ ਉਹ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਆਦਿ ਦੀਆਂ ਮੀਟਿੰਗਾਂ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਬਸਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
NEXT STORY