ਮਾਨਸਾ (ਸੰਦੀਪ ਮਿੱਤਲ) : ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮਾਨਸਾ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਨਸਾ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਇਸੇ ਲੜੀ ਤਹਿਤ ਸੀਨੀਅਰ ਪੁਲਸ ਕਪਤਾਨ ਐੱਸ. ਐੱਸ. ਪੀ. ਵੈਭਵ ਚੌਧਰੀ ਨੇ ਰਾਤ ਸਮੇਂ ਖ਼ੁਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਕੇ ਡਿਊਟੀ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਰਾਤ ਦੀ ਗਸ਼ਤ ਅਤੇ ਨਾਕਾਬੰਦੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਚੈਕਿੰਗ ਦਾ ਮੁੱਖ ਮਕਸਦ ਤਿਉਹਾਰਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ, ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਐੱਸ. ਐੱਸ. ਪੀ. ਨੇ ਸਪੱਸ਼ਟ ਕੀਤਾ ਕਿ ਪੁਲਸ ਦੀ ਚੈਕਿੰਗ ਸਿਰਫ ਇਕ ਦਿਨ ਦੀ ਕਾਰਵਾਈ ਨਹੀਂ ਹੈ, ਸਗੋਂ ਆਉਣ ਵਾਲੇ ਦਿਨਾਂ ’ਚ ਵੀ ਅਚਨਚੇਤ ਜਾਂਚ ਜਾਰੀ ਰਹੇਗੀ। ਐੱਸ. ਐੱਸ. ਪੀ. ਨੇ ਦ੍ਰਿੜ੍ਹਤਾ ਨਾਲ ਕਿਹਾ ਰਾਤ ਦੀ ਖਾਮੋਸ਼ੀ ਨੂੰ ਸ਼ਰਾਰਤੀ ਅਨਸਰਾਂ ਦੀ ਢਾਲ ਨਹੀਂ ਬਣਨ ਦਿੱਤਾ ਜਾਵੇਗਾ।
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ : ਐੱਸ. ਐੱਸ. ਪੀ.
ਜ਼ਿਲ੍ਹਾ ਮਾਨਸਾ ਦੇ ਪੁਲਸ ਮੁਖੀ ਵੈਭਵ ਚੌਧਰੀ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਨਸ਼ੇ ਮਨੁੱਖੀ ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੇ ਹਨ। ਨਸ਼ਿਆਂ ਦੀ ਲਤ ਨਾ ਸਿਰਫ ਮਨੁੱਖ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਸ ਦੇ ਪਰਿਵਾਰਕ ਜੀਵਨ, ਸਮਾਜਿਕ ਰੁਤਬੇ ਅਤੇ ਆਰਥਿਕ ਹਾਲਾਤਾਂ ’ਤੇ ਵੀ ਮਾੜਾ ਅਸਰ ਪਾਉਂਦੀ ਹੈ। ਇਸ ਲਈ ਹਰ ਵਿਅਕਤੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪੁਲਸ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਜੇਕਰ ਸਮਾਜ ਦਾ ਹਰ ਵਰਗ ਨਸ਼ਿਆਂ ਖ਼ਿਲਾਫ਼ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਵੇ ਤਾਂ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਨਸ਼ਾ ਵੇਚਣ ਜਾਂ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਅਜਿਹੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ
NEXT STORY