ਮਾਨਸਾ,(ਮਿੱਤਲ)- ਖੇਤੀ ਕਾਨੂੰਨਾਂ ਦੇ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਵੱਧ ਰਹੇ ਕਿਸਾਨਾਂ ਦੇ ਰਾਹ ਰੋਕਣ, ਉਨ੍ਹਾਂ ਤੇ ਪਾਣੀ ਦੀਆਂ ਬੁਛਾੜਾਂ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਨਿੰਦਾ ਕੀਤੀ ਹੈ। ਸ਼੍ਰੋਅਦ ਦੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਕਿਹਾ ਹੈ ਕਿ ਦੇਸ਼ ਦੇ ਹਰ ਵਿਅਕਤੀ ਨੂੰ ਆਪਣੇ ਹੱਕ ਦੀ ਅਵਾਜ ਉਠਾਉਣ ਅਤੇ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਕੇਂਦਰ ਸਰਕਾਰ ਦਿੱਲੀ ਜਾ ਰਹੇ ਕਿਸਾਨਾਂ ਦੇ ਰਾਹ ਰੋਕਣ ਲਈ ਬੈਰੀਗੇਟ, ਕੰਡਿਆਲੀ ਤਾਰ ਅਤੇ ਅੱਥਰੂ ਗੈਸਾਂ ਦੀ ਵਰਤੋਂ ਕਰ ਕੇ ਗੱਲਬਾਤ ਦੀ ਜਗ੍ਹਾ ਟਕਰਾਅ ਦੀ ਸਥਿਤੀ ਪੈਦਾ ਕਰ ਰਹੀ ਹੈ, ਜੋ ਕਿ ਇੱਕ ਮੰਦਭਾਗਾ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਅੱਜ ਕੇਂਦਰ ਸਰਕਾਰ ਉਸ ਦੀ ਗੱਲ ਸੁਣਨ ਦੀ ਬਜਾਏ ਕਿਸਾਨਾਂ ਤੇ ਅੱਤਿਆਚਾਰ ਕਰਨ ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਦੇਸ਼ ਦੀਆਂ ਕਿਸਾਨੀ ਬਾਰੇ ਸੋਚਣਾ ਬਣਦਾ ਸੀ, ਪਰ ਕੇਂਦਰ ਨੇ ਕਾਹਲੀ ਵਿੱਚ ਇਹ ਕਾਨੂੰਨ ਲਿਆ ਕੇ ਦੇਸ਼ ਦੇ ਅੰਨਦਾਤੇ ਨੂੰ ਸੰਕਟ ਵਿੱਚ ਪਾ ਦਿੱਤਾ ਹੈ ਅਤੇ ਅੱਜ ਜਦ ਉਹ ਇੰਨ੍ਹਾਂ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰਨ ਲਈ ਸੜਕਾਂ ਤੇ ਉਤਰ ਆਇਆ ਹੈ, ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੇ ਰਾਹ ਰੋਕ ਰਹੀ ਹੈ। ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਸਰਕਾਰਾਂ ਦਾ ਇੰਨਾਂ ਵੱਡਾ ਧੱਕਾ ਪਹਿਲਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਮੰਗਾਂ ਨੁੰ ਲੈ ਕੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਜਿਸ ਤਰ੍ਹਾਂ ਦਿੱਲੀ ਜਾਂਦੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਕਰ ਕੇ ਉਨ੍ਹਾਂ ਤੇ ਅੱਤਿਆਚਾਰ ਕੀਤਾ ਗਿਆ, ਉਸ ਦੀ ਸ਼੍ਰੋਮਣੀ ਅਕਾਲੀ ਦਲ ਸਖਤ ਵਿਰੋਧਤਾ ਕਰਦਾ ਹੈ। ਨਕੱਈ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅੱਜ ਤੋਂ ਕਰੀਬ 2 ਮਹੀਨੇ ਪਹਿਲਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਆਪਣੇ ਘਰ ਬਾਰ ਛੱਡ ਕੇ ਧਰਨੇ ਮੁਜਾਹਰੇ ਕਰ ਰਹੇ ਹਨ, ਪਰ ਕੇਂਦਰ ਸਰਕਾਰ ਦਾ ਇਸ ਤੋਂ ਟੱਸ ਤੋਂ ਮੱਸ ਨਾ ਹੋਣਾ ਸਾਬਿਤ ਕਰਦਾ ਹੈ ਕਿ ਕੇਂਦਰ ਨੂੰ ਕਿਸਾਨਾਂ ਦੀ ਨਹੀਂ, ਬਲਕਿ ਕਾਰਪੋਰੇਟ ਘਰਾਂਣਿਆ ਦੇ ਹਿੱਤਾਂ ਦੀ ਜਿਆਦਾ ਲੋੜ ਹੈ। ਨਕੱਈ ਨੇ ਕਿਸਾਨਾਂ ਨੂੰ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਗੋਲਡੀ ਗਾਂਧੀ, ਆਤਮਜੀਤ ਸਿੰਘ ਕਾਲਾ, ਸੁਰਿੰਦਰ ਪਿੰਟਾ, ਗੁਰਪ੍ਰੀਤ ਸਿੱਧੂ, ਜਿਲ੍ਹਾ ਯੂਥ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਆਦਿਆਂ ਨੇ ਵੀ ਕੇਂਦਰ ਦੇ ਕਾਲੇ ਕਾਨੂੰਨ ਦੀ ਨਿੰਦਿਆਂ ਕੀਤੀ।
ਅਹਿਮਦਪੁਰ (ਮਾਨਸਾ) ਵਿਖੇ ਮਨਾਇਆ ਗਿਆ 71 ਵਾਂ ਰਾਸ਼ਟਰੀ ਸੰਵਿਧਾਨ ਦਿਵਸ
NEXT STORY