ਪਾਤੜਾਂ (ਸੁਖਦੀਪ ਸਿੰਘ ਮਾਨ) : ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀਪਦ ਯੇਸੋ ਨਾਇਕ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਵੀ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਹਲਕਾ ਸ਼ੁਤਰਾਣਾ ਦੇ ਪਿੰਡਾਂ, ਜਿਵੇਂ ਕਿ ਝੰਬੋ ਚੋਅ, ਹਰਿਆਊ, ਸ਼ੁਤਰਾਣਾ ਅਤੇ ਹਰਚੰਦਪੁਰਾ, ਵਿੱਚ ਘੱਗਰ ਨਦੀ ਦੇ ਕਿਨਾਰੇ ਦਾ ਨਿਰੀਖਣ ਕੀਤਾ।
ਇਸ ਦੌਰੇ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਮੰਤਰੀ ਨਾਇਕ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੇ ਘੱਗਰ ਦੇ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਸਥਾਈ ਹੱਲ ਦੀ ਮੰਗ ਕੀਤੀ। ਕਿਸਾਨਾਂ ਨੇ ਦੱਸਿਆ ਕਿ ਘੱਗਰ ਨਦੀ ਹਿਮਾਚਲ ਪ੍ਰਦੇਸ਼ ਦੀਆਂ ਸ਼ਿਵਾਲਿਕ ਪਹਾੜੀਆਂ ਤੋਂ ਸ਼ੁਰੂ ਹੁੰਦੀ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਭਾਰੀ ਤਬਾਹੀ ਮਚਾਉਂਦੀ ਹੋਈ ਪਾਕਿਸਤਾਨ ਵੱਲ ਵਹਿ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਨਦੀ ਵਿੱਚ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ, ਸਰਹਿੰਦ ਚੋਅ ਅਤੇ ਪੱਚੀ ਦੱਰਾ ਵਰਗੇ ਦਰਜਨਾਂ ਹੋਰ ਨਾਲੇ ਆ ਮਿਲਦੇ ਹਨ, ਜਿਸ ਕਾਰਨ ਹਜ਼ਾਰਾਂ ਕਿਊਸਿਕ ਪਾਣੀ ਦੀ ਆਮਦ ਹੋ ਜਾਂਦੀ ਹੈ। ਇਸ ਹੜ੍ਹ ਕਾਰਨ ਨਾ ਸਿਰਫ਼ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ, ਸਗੋਂ ਪਸ਼ੂਆਂ ਅਤੇ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੁੰਦਾ ਹੈ। ਕਿਸਾਨਾਂ ਦੀ ਮੰਗ ਸੁਣਨ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀਪਦ ਯੇਸੋ ਨਾਇਕ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕਿਸਾਨਾਂ ਦੇ ਹਮਾਇਤੀ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਉਹ ਖ਼ੁਦ ਇਸ ਮੰਗ ਪੱਤਰ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੇ ਕੁੱਝ ਸਾਲਾਂ ਵਿੱਚ ਘੱਗਰ ਦਾ ਸਥਾਈ ਹੱਲ ਕੀਤਾ ਜਾਵੇਗਾ।
ਇਸ ਮੌਕੇ 'ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਘੱਗਰ ਨਦੀ ਦੇ ਪੱਕੇ ਹੱਲ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਯਤਨਾਂ ਸਦਕਾ ਹੀ ਖਨੌਰੀ ਤੋਂ ਲੈ ਕੇ ਮਕੋਰੜ ਸਾਹਿਬ ਤੱਕ ਘੱਗਰ ਨਦੀ ਨੂੰ ਚੈਨਲਾਈਜ਼ ਕੀਤਾ ਗਿਆ ਸੀ। ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਪਟਿਆਲਾ ਤੋਂ ਲੈ ਕੇ ਰਾਜਸਥਾਨ ਤੱਕ ਇਸ ਨਦੀ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਮੰਤਰੀ ਵੱਲੋਂ ਕਿਸਾਨ ਆਗੂ ਫਤਹਿ ਸਿੰਘ ਜੋਗੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਨੇ ਹਾਲ ਹੀ ਵਿੱਚ ਹਲਕਾ ਸ਼ੁਤਰਾਣਾ ਵਿੱਚ ਘੱਗਰ ਦੇ ਬੰਨ੍ਹ ਟੁੱਟਣ ਤੋਂ ਰੋਕਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ
ਜਲੰਧਰ 'ਚ ਸੜਕ 'ਤੇ ਮਿਲੀ ਗਠੜੀ ਨੇ ਪੁਲਸ ਨੂੰ ਪਾ 'ਤੀਆਂ ਭਾਜੜਾਂ, ਜਦ ਕੀਤੀ ਜਾਂਚ ਤਾਂ ਉੱਡੇ ਹੋਸ਼
NEXT STORY