ਚੰਡੀਗੜ੍ਹ (ਮਨਪ੍ਰੀਤ) : ਵੱਧਦੀ ਮਹਿੰਗਾਈ ਅਤੇ ਆਮ ਜਨਤਾ ਦੀਆਂ ਪਰੇਸ਼ਾਨੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਸੈਕਟਰ-35 ਸਥਿਤ ਕਾਂਗਰਸ ਭਵਨ ਵਿਖੇ ਇੱਕ ਅਨੋਖਾ ਅਤੇ ਜਨਹਿੱਤ ਨਾਲ ਜੁੜਿਆ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਐੱਚ. ਐੱਸ. ਲੱਕੀ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਜਤਾਉਂਦਿਆਂ 'ਖੰਡ ਦਾ ਲੰਗਰ' ਲਗਾਇਆ ਅਤੇ ਕਰੀਬ 500 ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਖੰਡ ਦੇ ਪੈਕੇਟ ਵੰਡ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ।
ਕਾਂਗਰਸ ਪਾਰਟੀ ਨੇ ਦਾਅਵਾ ਕੀਤਾ ਕਿ ਕੁੱਝ ਸਮਾਂ ਪਹਿਲਾਂ ਜਿਹੜੀ ਖੰਡ ਲਗਭਗ 45 ਰੁਪਏ ਪ੍ਰਤੀ ਕਿੱਲੋ ਵਿਕਦੀ ਸੀ, ਉਹ ਹੁਣ ਵੱਧ ਕੇ 60 ਤੋਂ 65 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਚੁੱਕੀ ਹੈ। ਇਸ ਮੌਕੇ ਬੋਲਦਿਆਂ ਐੱਚ. ਐੱਸ. ਲੱਕੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ 'ਚ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੰਡ ਤੋਂ ਇਲਾਵਾ ਸਰ੍ਹੋਂ ਦਾ ਤੇਲ, ਰਿਫਾਇੰਡ, ਦਾਲਾਂ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਖਾਣ-ਪੀਣ ਦੀਆਂ ਹੋਰ ਵਸਤਾਂ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਅੱਜ ਗਰੀਬ ਅਤੇ ਮੱਧ ਵਰਗ ਲਈ ਘਰ ਚਲਾਉਣਾ ਔਖਾ ਹੋ ਗਿਆ ਹੈ ਅਤੇ ਰਸੋਈ 'ਚ ਵਰਤੀ ਜਾਣ ਵਾਲੀ ਹਰ ਜ਼ਰੂਰੀ ਚੀਜ਼ ਮਹਿੰਗੀ ਹੋ ਚੁੱਕੀ ਹੈ ਪਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲੋਂ ਅੱਖਾਂ ਮੀਟ ਕੇ ਬੈਠੀ ਹੈ।
ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਲੱਕੀ ਨੇ ਕਿਹਾ ਕਿ ਖੰਡ ਵਰਗੀ ਰੋਜ਼ਾਨਾ ਲੋੜ ਵਾਲੀ ਵਸਤੂ ਦੇ ਭਾਅ 'ਚ ਇੰਨਾ ਭਾਰੀ ਵਾਧਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਦਾ ਮਹਿੰਗਾਈ 'ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ 'ਅੱਛੇ ਦਿਨਾਂ' ਦਾ ਵਾਅਦਾ ਕੀਤਾ ਸੀ ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੀ ਰਸੋਈ ਚਲਾਉਣ ਲਈ ਵੀ ਭਾਰੀ ਸੰਘਰਸ਼ ਕਰਨਾ ਪੈ ਰਿਹਾ ਹੈ। ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਸ਼ਹਿਰ ਦੇ ਕੋਨੇ-ਕੋਨੇ 'ਚ ਅਜਿਹੇ ਲੰਗਰ ਲਗਾਏ ਜਾਣਗੇ। ਇਨ੍ਹਾਂ 'ਚ ਪਿਆਜ਼, ਟਮਾਟਰ, ਸਰ੍ਹੋਂ ਦਾ ਤੇਲ, ਰਿਫਾਇੰਡ ਅਤੇ ਦਾਲਾਂ ਦਾ ਲੰਗਰ ਲਗਾ ਕੇ ਮੋਦੀ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇਗਾ ਕਿ ਆਮ ਆਦਮੀ ਮਹਿੰਗਾਈ ਦੇ ਬੋਝ ਹੇਠ ਪੂਰੀ ਤਰ੍ਹਾਂ ਦੱਬ ਚੁੱਕਾ ਹੈ ਅਤੇ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਾ ਦੀ ਥਾਲੀ ਅਤੇ ਰਸੋਈ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਦਾ ਬੋਝ ਆਮ ਜਨਤਾ ਨੂੰ ਚੁੱਕਣਾ ਪੈ ਰਿਹਾ ਹੈ। ਇੱਕ ਪਾਸੇ ਲੋਕਾਂ ਦੀ ਆਮਦਨ ਸੀਮਤ ਹੋ ਰਹੀ ਹੈ ਅਤੇ ਦੂਜੇ ਪਾਸੇ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ਲਗਾਤਾਰ ਅਸਮਾਨ ਛੂਹ ਰਹੇ ਹਨ। ਚੰਡੀਗੜ੍ਹ ਕਾਂਗਰਸ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਅਤੇ ਗਰੀਬ ਤੇ ਮੱਧ ਵਰਗ ਨੂੰ ਰਾਹਤ ਪ੍ਰਦਾਨ ਕਰੇ। ਇਸ ਮੌਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਬੰਟੀ, ਸੁਰਜੀਤ ਸਿੰਘ ਢਿੱਲੋਂ, ਰਾਜਦੀਪ ਸਿੰਘ ਸਿੱਧੂ, ਵਿਪਨਜੋਤ ਸਿੰਘ ਅਮਨ ਅਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।
ਜਲੰਧਰ, ਅੰਮ੍ਰਿਤਸਰ ਤੇ ਬਟਾਲਾ ਜਾਣ ਵਾਲੇ ਰੂਟ ਬਦਲੇ, 5 ਜ਼ਿਲ੍ਹਿਆਂ ਦੀ ਪੁਲਸ ਸਾਂਭੇਗੀ ਮੋਰਚਾ
NEXT STORY