ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਘੱਲ ਕਲਾ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਕਾਨੂੰਗੋ ਅਤੇ ਇਕ ਹੋਰ ਵਿਅਕਤੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਚਮਕੌਰ ਸਿੰਘ ਅਤੇ ਉਸ ਨਾਲ ਬਤੌਰ ਡਰਾਈਵਰ ਵਜੋਂ ਕੰਮ ਕਰਦੇ ਗੁਰਚਰਨ ਸਿੰਘ ਨੂੰ ਸ਼ਿਕਾਇਤ ਕਰਤਾ ਪਰਮਜੀਤ ਸਿੰਘ ਵਾਸੀ ਪਿੰਡ ਦੁੱਨੇਕੇ, ਮੋਗਾ ਦੀ ਸ਼ਿਕਾਇਤ 'ਤੇ 2500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਅਤੇ ਗੁਰਚਰਨ ਸਿੰਘ ਵੱਲੋਂ ਉਸ ਦੇ ਰਿਹਾਇਸ਼ੀ ਪਲਾਟ ਦੀ ਨਿਸ਼ਾਨਦੇਹੀ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 'ਚ ਤੈਅ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਵੱਲੋ ਪਹਿਲੀ ਕਿਸ਼ਤ ਦੇ 2500 ਰੁਪਏ ਉਕਤ ਕਾਨੂੰਗੋ ਨੂੰ ਅਦਾ ਕੀਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ 'ਚ ਦੂਜੀ ਕਿਸ਼ਤ ਦੇ 2500 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਅਤੇ ਉਸ ਦੇ ਡਰਾਈਵਰ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ 'ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਤਾਲਾਬੰਦੀ ਦੌਰਾਨ ਲੁਟੇਰਿਆਂ ਨੇ ਹਜ਼ੂਰੀ ਰਾਗੀ ਨੂੰ ਬਣਾਇਆ ਨਿਸ਼ਾਨਾ
NEXT STORY