ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐੱਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐੱਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਇਕ ਪੁਲਸ ਕੇਸ ਵਿਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐੱਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਏ.ਐੱਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐੱਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐੱਸ.ਏ.ਐੱਸ. ਨਗਰ ਵਿਖੇ ਐੱਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜ਼ਮ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ISI ਦੇ ਝਾਂਸੇ ’ਚ ਇੰਝ ਆ ਰਹੇ ਨੇ ਸਰਹੱਦੀ ਪਿੰਡਾਂ ਦੇ ਨੌਜਵਾਨ, ਹੋ ਰਿਹੈ ਅੱਤਵਾਦੀ ਮਾਡਿਊਲ ਤਿਆਰ
NEXT STORY