ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਚੱਲਦੇ ਦੋ ਨਵੀਆਂ ਐੱਫ. ਆਈ. ਆਰ. ਦਰਜ ਕੀਤੀਆਂ ਹਨ, ਜਿਸ ਦੇ ਚੱਲਦੇ ਪਟਵਾਰੀ ਅਤੇ ਡੀਡ ਰਾਈਟਰ ਸਮੇਤ ਤਿੰਨ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਦਿੱਤੀ ਹੈ । ਪਹਿਲੇ ਮਾਮਲੇ ਵਿਚ ਬੰਗਾ ਵਿਖੇ ਤਾਇਨਾਤ ਪਟਵਾਰੀ ਮਾਨਵਦੀਪ ਸਿੰਘ ਅਤੇ ਉਸ ਦੇ ਸਾਥੀ ਨਵਜੋਤ ਕੁਮਾਰ ਉਰਫ਼ ਲਵੀ ਨੂੰ ਸ਼ਿਕਾਇਤਕਰਤਾ ਤੋਂ ਜ਼ਮੀਨ ਦੇ ਤਬਾਦਲੇ ਦੇ ਇੰਤਕਾਲ ਦਰਜ ਕਰਵਾਉਣ ਦੇ ਬਦਲੇ 2000 ਰੁਪਏ ਦੀ ਨਜਾਇਜ਼ ਰਿਸ਼ਵਤ ਲੈਣ ਦੇ ਦੋਸ਼ ਵਿਚ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7-ਏ ਤਹਿਤ ਐੱਫ. ਆਈ. ਆਰ. ਨੰਬਰ 9 ਮਿਤੀ 30 ਜੂਨ, 2022 ਦਰਜ ਕੀਤੀ ਗਈ ਹੈ।
ਇਕ ਹੋਰ ਮਾਮਲੇ ਵਿਚ ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਦੁੱਗਰੀ ਵਿਚ ਤਾਇਨਾਤ ਐੱਫ. ਆਈ. ਆਰ. ਮਨਜੀਤ ਸਿੰਘ ਖ਼ਿਲਾਫ ਸ਼ਿਕਾਇਤਕਰਤਾ ਦੇ ਵਿਰੁੱਧ ਹੋਏ ਇਕ ਪੁਰਾਣੇ ਕੇਸ ਦੇ ਸਬੰਧ ਵਿਚ ਅਦਾਲਤ ’ਚ ਚਲਾਨ ਪੇਸ਼ ਕਰਨ ਬਦਲੇ 1500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਏ. ਐੱਸ. ਆਈ. ਸ਼ਿਕਾਇਤਕਰਤਾ ਤੋਂ 3000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ. ਆਈ. ਆਰ. ਨੰਬਰ 7 ਮਿਤੀ 28.06.2022 ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ ਅਤੇ ਪੁਲਸ ਦੋਸ਼ੀ ਏ.ਐੱਸ.ਆਈ. ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਵੀਰਵਾਰ ਨੂੰ ਤਹਿਸੀਲ ਦਫ਼ਤਰ ਜਲੰਧਰ ਵਿਖੇ ਤਾਇਨਾਤ ਡੀਡ ਰਾਈਟਰ (ਆਰਜ਼ੀ ਨਵੀਸ) ਮੁਕੁਲ ਗੁਪਤਾ ਨੂੰ ਵੀ ਭ੍ਰਿਸ਼ਟਾਚਾਰ ਦੇ ਪਿਛਲੇ ਇਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ ਉਸ ਨੇ ਸ਼ਿਕਾਇਤਕਰਤਾ ਦੇ ਪਲਾਟ ਦੀ ਬਿਨਾਂ ਐੱਨ. ਓ. ਸੀ. ਦੇ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਦੀ ਗੈਰ-ਕਾਨੂੰਨੀ ਰਕਮ ਵਸੂਲ ਕੀਤੀ ਸੀ। ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7ਏ ਤਹਿਤ ਮੁਕੱਦਮਾ ਨੰਬਰ 08 ਮਿਤੀ 10.06.2022 ਨੂੰ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤਾਂ ਵਟਸਪਐਪ ਰਾਹੀਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ। ਹੈਲਪਲਾਈਨ ਨੰਬਰ ਸ਼ੁਰੂ ਹੋਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਵਿਜੈ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ, ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਸਮੇਤ ਕਈ ਨਾਮੀ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਜਬਰ-ਜ਼ਿਨਾਹ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ
NEXT STORY