ਫ਼ਿਰੋਜ਼ਪੁਰ (ਪਰਮਜੀਤ ਸੋਢੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ 'ਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੁਣ ਹਰ ਮਹੀਨੇ ਆਵੇਗਾ ਬਿਜਲੀ ਦਾ ਬਿੱਲ, ਲਾਗੂ ਹੋਇਆ ਨਵਾਂ ਨਿਯਮ, ਪੁਰਾਣਾ ਸਿਸਟਮ ਕੀਤਾ ਗਿਆ ਖ਼ਤਮ
NEXT STORY