ਹੁਸ਼ਿਆਰਪੁਰ (ਅਸ਼ਵਨੀ) - ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਅੱਜ ਵੀ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦਫ਼ਤਰ ਦਾ ਰਿਕਾਰਡ ਕਬਜ਼ੇ 'ਚ ਲੈਣ ਦਾ ਕੰਮ ਜਾਰੀ ਰੱਖਿਆ। ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਕਪੂਰਥਲਾ ਕਰਮਵੀਰ ਸਿੰਘ ਨੇ ਦੱਸਿਆ ਕਿ ਬਿਊਰੋ ਨੇ ਬੀਤੇ ਦਿਨੀਂ ਵੀ ਕਾਫੀ ਰਿਕਾਰਡ ਕਬਜ਼ੇ ਵਿਚ ਲਿਆ ਸੀ। ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ ਦੀਆਂ ਫੀਸਾਂ ਅਤੇ ਰੋਡ ਟੈਕਸ ਸਬੰਧੀ ਚਲਾਨਾਂ ਦੀਆਂ ਕਾਪੀਆਂ ਕਬਜ਼ੇ ਵਿਚ ਲੈ ਲਈਆਂ ਹਨ। ਬਿਊਰੋ ਇਸ ਗੱਲ ਦੀ ਜਾਂਚ ਕਰੇਗਾ ਕਿ ਸਾਰੀਆਂ ਫੀਸਾਂ ਅਤੇ ਰੋਡ ਟੈਕਸ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕਰਵਾਏ ਗਏ ਸਨ ਜਾਂ ਨਹੀਂ।
ਗੰਨਮੈਨ ਤੇ ਏ. ਆਰ. ਟੀ. ਏ. ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਛਾਪੇਮਾਰੀ
ਵਰਣਨਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਕੁਝ ਮਹੀਨੇ ਪਹਿਲਾਂ ਉਸ ਸਮੇਂ ਦੇ ਜ਼ਿਲਾ ਟਰਾਂਸਪੋਰਟ ਅਧਿਕਾਰੀ (ਡੀ. ਟੀ. ਓ.) ਨਾਲ ਅਟੈਚਡ ਗੰਨਮੈਨ ਰਮੇਸ਼ ਚੰਦਰ ਨੂੰ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ। ਉਸ ਤੋਂ ਬਾਅਦ ਏ. ਆਰ. ਟੀ. ਏ. ਦੀ ਗ੍ਰਿਫ਼ਤਾਰੀ ਉਪਰੰਤ ਇਹ ਛਾਪੇਮਾਰੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੂੰ ਨਹੀਂ ਬੁਲਾਇਆ ਗਿਆ ਪੁੱਛਗਿੱਛ ਲਈ
ਡੀ. ਐੱਸ. ਪੀ. ਕਰਮਵੀਰ ਸਿੰਘ ਨੇ ਇਸ ਖ਼ਬਰ ਨੂੰ ਗਲਤ ਦੱਸਿਆ ਕਿ ਆਰ. ਟੀ. ਏ. ਦਫ਼ਤਰ 'ਚ ਹੋਏ ਕਥਿਤ ਘਪਲਿਆਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖ਼ਬਰ ਪੂਰੀ ਤਰ੍ਹਾਂ ਨਿਰਾਧਾਰ ਹੈ। ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਆਰ. ਟੀ. ਏ. ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਉਹ ਵਿਜੀਲੈਂਸ ਬਿਊਰੋ ਨੂੰ ਲੋੜੀਂਦਾ ਰਿਕਾਰਡ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਲਿਖਤੀ ਤੌਰ 'ਤੇ ਆਰ. ਟੀ. ਏ. ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਸਨ।
ਪਾਵਰਕਾਮ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ
NEXT STORY