ਚੰਡੀਗੜ੍ਹ (ਭੁੱਲਰ) : ਲੰਡਨ 'ਚ ਐਜੂਕੇਸ਼ਨ ਵਰਲਡ ਫ਼ੋਰਮ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਸਮਾਜ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਿੱਖਿਆ ਪ੍ਰਦਾਨ ਕਰਨ ਦਾ ਮੰਤਵ ਪੂਰਾ ਨਹੀਂ ਹੋ ਸਕਦਾ ਅਤੇ ਇਸ ਅਸਾਵੇਂਪਣ ਕਾਰਣ ਸਰਕਾਰ ਅਤੇ ਸਮਾਜ ਲਈ ਬੱਚਿਆਂ ਦੀ ਸਮਾਨ ਭਾਗੀਦਾਰੀ, ਇਕਸਾਰਤਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਸੰਭਵ ਹੈ।
ਦੱਸ ਦੇਈਏ ਕਿ ਲੰਡਨ 'ਚ ਹਰ ਸਾਲ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਪੱਧਰ ਦਾ ਇਹ ਸੈਮੀਨਾਰ ਕਰਵਾਇਆ ਜਾਂਦਾ ਹੈ, ਜਿਸ 'ਚ ਦੁਨੀਆ ਭਰ ਦੇ ਮੰਤਰੀ ਖ਼ਾਸ ਵਿਸ਼ਿਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ ਦੇ ਭਵਿੱਖ ਬਾਰੇ ਵਿਚਾਰ-ਵਟਾਂਦਰੇ ਲਈ ਇਕੱਠੇ ਹੁੰਦੇ ਹਨ। ਛੇ ਰੋਜ਼ਾ ਸਮਾਗਮ ਦੇ ਦੂਜੇ ਦਿਨ ਆਪਣੇ ਭਾਸ਼ਣ ਦੌਰਾਨ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਸਨਅਤਕਾਰਾਂ ਦੀ ਵੱਡੀ ਸੱਭਿਆਚਾਰਕ ਅਤੇ ਸਮਾਜਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਸਨਅਤਕਾਰਾਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।
ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ, ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਨੂੰ ਤਰਾਸ਼ਣ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ 6113 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਅੰਗਰੇਜ਼ੀ ਭਾਸ਼ਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 'ਹਰ ਇਕ-ਪੜ੍ਹਾਵੇ ਇਕ' ਪਹਿਲ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਪੜ੍ਹਨ ਦੀਆਂ ਆਦਤਾਂ ਪਾਉਣ ਲਈ ਰੀਡਿੰਗ ਕਾਰਨਰ ਸਥਾਪਤ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਰਟੀਫਿਕੇਟ ਵਿਦਿਆਰਥੀਆਂ ਦੇ ਆਧਾਰ ਕਾਰਡਾਂ ਨਾਲ ਜੋੜੇ ਗਏ ਹਨ ਅਤੇ ਆਨਲਾਈਨ ਜਾਰੀ ਕੀਤੇ ਜਾਂਦੇ ਹਨ।
26 ਜਨਵਰੀ ਦੇ ਸਮਾਗਮ ਕਾਰਨ ਕਮਿਸ਼ਨਰੇਟ ਪੁਲਸ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਸੀਲ
NEXT STORY