ਚੌਂਕੀਮਾਨ(ਗਗਨਦੀਪ)- ਹਲਕਾ ਦਾਖਾ ਦੇ ਪਿੰਡ ਸੋਹੀਆਂ ਵਿਖੇ ਬੀਤੇ ਦਿਨੀਂ ਧਾਰਮਿਕ ਸਥਾਨ ’ਤੇ ਪਿੰਡ ਦੇ ਹੀ ਕੁਝ ਵਿਅਕਤੀਆ ਵੱਲੋਂ ਗ੍ਰੰਥੀ ਸਿੰਘ ਦੀ ਕੀਤੀ ਕੁੱਟ-ਮਾਰ ਦਾ ਮਾਮਲਾ ਤੂਲ ਫੜ ਗਿਆ, ਜਦੋਂ ਲੜਾਈ-ਝਗੜੇ ਤੋਂ ਤਿੰਨ ਦਿਨ ਬਾਅਦ ਗ੍ਰੰਥੀ ਮੁਖਤਿਆਰ ਸਿੰਘ ਪੁੱਤਰ ਕਰਤਾਰ ਸਿੰਘ (73) ਦੀ ਮੌਤ ਹੋ ਗਈ ਅਤੇ ਕੁੱਟ-ਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਜਗਰਾਓਂ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਇਸ ਮੌਕੇ ਸਬ ਇੰਸਪੈਕਟਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮ੍ਰਿਤਕ ਮੁਖਤਿਆਰ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਲਿਖਾਏ ਬਿਆਨਾਂ ’ਚ ਦੱਸਿਆ ਕਿ ਉਸਦਾ ਚਾਚਾ ਮੁਖਤਿਆਰ ਸਿੰਘ ਜੋ ਪਿੰਡ ਸੋਹੀਆਂ ਵਿਖੇ ਗੁਰਦੁਆਰਾ ਕੈਂਬਸਰ ਵਿਖੇ ਲੰਬੇ ਸਮੇਂ ਤੋਂ ਗ੍ਰੰਥੀ ਸਿੰਘ ਵਜੋਂ ਅੰਮ੍ਰਿਤ ਵੇਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਅਤੇ ਸ਼ਾਮ ਵੇਲੇ ਸੁੱਖ ਆਸਣ ਸਾਹਿਬ ਦੀ ਸੇਵਾ ਨਿਭਾ ਰਿਹਾ ਸੀ। ਬੀਤੇ ਦਿਨੀਂ ਜਦੋਂ ਉਨ੍ਹਾਂ ਨੇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਉਣ ਉਪਰੰਤ ਸੰਗਤਾਂ ਨੂੰ ਘਰ ਜਾਣ ਲਈ ਕਿਹਾ ਅਤੇ ਆਪ ਉਹ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਤਾਲਾਬੰਦੀ ਕਰਨ ਲੱਗੇ ਤਾਂ ਗੁਰਦੁਆਰਾ ਸਾਹਿਬ ਦੇ ਹਾਲ ਅੰਦਰ ਬੈਠੇ ਕੁਝ ਵਿਅਕਤੀਆਂ ਨੇ ਇਸਦਾ ਵਿਰੋਧ ਕੀਤਾ ਤੇ ਮੁਖਤਿਆਰ ਸਿੰਘ ਨਾਲ ਕੁੱਟ-ਮਾਰ ਕਰਨ ਲੱਗੇ। ਜਿਸ ਨਾਲ ਉਨ੍ਹਾਂ ਦੇ ਅੰਦਰੂਨੀ ਸੱਟਾਂ ਲੱਗੀਆਂ। ਜੋ ਘਰ ਵਿਚ ਹੀ ਭਿਆਨਕ ਦਰਦ ਨਾਲ ਕੁਰਲਾਉਣ ਲੱਗੇ। ਉਨ੍ਹਾਂ ਦੀ ਇਸ ਹਾਲਤ ਨੂੰ ਦੇਖਦੇ ਹੋਏ ਅੱਜ ਤੜਕਸਾਰ ਜਗਰਾਓਂ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਏ।
ਪੜ੍ਹੋ ਇਹ ਵੀ ਖ਼ਬਰ- ਮੁੱਖ ਮੰਤਰੀ ਨੂੰ ਬੇਅਦਬੀ ਦੇ ਕੇਸਾਂ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਦੀ ਕਰਾਂਗੇ ਸਿਫਾਰਸ਼: ਸਿੰਗਲਾ
ਖ਼ਬਰ ਲਿਖੇ ਜਾਣ ਤੱਕ ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਲੋਂ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ, ਉਹ ਸਸਕਾਰ ਨਹੀਂ ਕਰਨਗੇ ।
ਚੌਕੀ ਇੰਚਾਰਜ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਥਾਣਾ ਸਦਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ, ਗੁਰਦੀਪ ਸਿੰਘ ਪੁੱਤਰ ਨਿਰਭੈ ਸਿੰਘ, ਨਿਰਭੈ ਸਿੰਘ ਪੁੱਤਰ ਗੁਰਬਖਸ਼ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ ਪੁੱਤਰ ਨਛੱਤਰ ਸਿੰਘ ਤੇ ਗੁਰਦੇਵ ਸਿੰਘ ਉਰਫ ਦੇਵ ਪੁੱਤਰ ਗੁਰਦਿਆਲ ਸਿੰਘ ਖਿਲਾਫ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਯਾਦ ਰਹੇ ਕਿ ਪਿੰਡ ਦੀ ਪੰਚਾਇਤ ਜਿਸ ਕੋਲ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਵੀ ਹੈ, ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਤਾਲਾ ਲਾ ਦਿੱਤਾ ਸੀ। ਬੀਤੇ ਦਿਨ ਨਗਰ ਨਿਵਾਸੀਆਂ ਵੱਲੋਂ ਪੰਚਾਇਤ ਦੀ ਇਸ ਕਾਰਵਾਈ ਦੇ ਵਿਰੋਧ ਵਿਚ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਖੇ ਪਿੰਡ ਦਾ ਵਿਸ਼ਾਲ ਇਕੱਠ ਕੀਤਾ ਸੀ ਤੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪ੍ਰਸ਼ਾਸਨ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਲੱਗੇ ਤਾਲੇ ਖੁੱਲ੍ਹਵਾ ਦਿੱਤੇ ਸਨ। ਪਿੰਡ ਦੇ ਸਾਬਕਾ ਸਰਪੰਚ ਅਤੇ ਜਿਨ੍ਹਾਂ ਅਕਾਲੀ ਵਰਕਰਾਂ ’ਤੇ ਪੁਲਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ ਉਨ੍ਹਾਂ ਵੱਲੋਂ ਬੀਤੇ ਦਿਨ ਪੰਚਾਇਤ ਦੇ ਵਿਰੋਧ ਕਰਨ ਵਾਲੇ ਉਲੀਕੇ ਪ੍ਰੋਗਰਾਮ ਦੀ ਅਗਵਾਈ ਕੀਤੀ ਸੀ।
ਪੜ੍ਹੋ ਇਹ ਵੀ ਖ਼ਬਰ- ਬੇਅਦਬੀ ਮਾਮਲੇ ਨੂੰ ਲੈ ਕੇ ਬੀਬੀ ਜਗੀਰ ਕੌਰ ਵੱਲੋਂ ਜੌਲੀਆਂ ਗੁਰੂ ਘਰ ਦਾ ਦੌਰਾ
ਐੱਸ. ਐੱਮ. ਓ. ਜਗਰਾਓਂ ਨੇ ਜਦੋਂ ਫੋਨ ਚੁੱਕਣਾ ਮੁਨਾਸਿਬ ਨਾ ਸਮਝਿਆ-ਜਦ ਇਸ ਸਬੰਧੀ ਐੱਸ. ਐੱਮ. ਓ. ਪ੍ਰਦੀਪ ਮਹਿੰਦਰਾ ਜਗਰਾਓਂ ਨੂੰ ਪੋਸਟਮਾਰਟਮ ਸਬੰਧੀ ਪੱਖ ਜਾਣਨ ਲਈ ਫੋਨ ਕੀਤਾ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।
ਕੀ ਕਿਹਾ ਵਿਧਾਇਕ ਇਯਾਲੀ ਨੇ-ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ। ਉਸ ਤੋਂ ਪਹਿਲਾਂ ਉਹ ਕੁਝ ਨਹੀਂ ਕਹਿ ਸਕਦੇ।
ਪੰਜਾਬ ਦਾ ਅਗਲਾ ਮੁੱਖ ਮੰਤਰੀ ਹਿੰਦੂ ਭਾਈਚਾਰੇ ’ਚੋਂ ਹੀ ਬਣੇ : ਰਾਸ਼ਟਰਵਾਦੀ ਸ਼ਿਵ ਸੈਨਾ
NEXT STORY