ਗੁਰਦਾਸਪੁਰ, (ਹਰਮਨ)- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਵਰਤੀ ਗਈ ਸਖਤੀ ਅਤੇ ਉਥੇ ਦੀ ਪੁਲਸ ਵੱਲੋਂ ਕੀਤੀ ਹਿੰਸਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅੰਦਰ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਘਰਸ਼ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਨਹੀਂ ਕੀਤੀ ਅਤੇ ਕਿਸਾਨਾਂ ਨੇ ਪੂਰੀ ਜਮਹੂਰੀ ਢੰਗ ਨਾਲ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਇਆ ਹੈ। ਪਰ ਇਸ ਦੇ ਬਾਵਜੂਦ ਕੇਂਦਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਣ ਹੁਣ ਜਦੋਂ ਕਿਸਾਨ ਕੇਂਦਰ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਦਿੱਲੀ ਜਾਣ ਲਈ ਮਜਬੂਰ ਹੋਏ ਹਨ ਤਾਂ ਪੁਲਸ ਦੇ ਜ਼ਬਰ ਨਾਲ ਉਨ੍ਹਾਂ ਨੂੰ ਰੋਕਣ ਦੀ ਕਾਰਵਾਈ ਕਿਸਾਨਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਅੱਜ ਜੋ ਕਾਰਵਾਈ ਕੀਤੀ ਹੈ, ਉਹ ਲੋਕਤੰਤਰ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਕੌਮ ਪ੍ਰਤੀ ਹਮੇਸ਼ਾਂ ਆਪਣਾ ਫਰਜ਼ ਨਿਭਾਇਆ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੇ ਹਮੇਸ਼ਾ ਹੀ ਆਪਣੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਹਰੇਕ ਤਰ੍ਹਾਂ ਦੀ ਜੰਗ ਵੀ ਕੀਤੀ ਹੈ। ਪਰ ਇਹ ਵੀ ਸੱਚ ਹੈ ਕਿ ਪੰਜਾਬੀਆਂ ਨੇ ਹਮੇਸ਼ਾ ਹਿੰਸਾ ਦਾ ਵਿਰੋਧ ਵੀ ਕੀਤਾ ਹੈ। ਪਰ ਜਿਸ ਢੰਗ ਨਾਲ ਹਰਿਆਣਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੀ ਕਾਰਵਾਈ ਕੀਤੀ ਹੈ, ਇਹ ਕਿਸਾਨਾਂ ਅਤੇ ਭਾਰਤ ਸਰਕਾਰ ਦਰਮਿਆਨ ਤਣਾਅ ਨੂੰ ਵਧਾਏਗੀ। ਉਨ੍ਹਾਂ ਕਿਹਾ ਕਿ ਕੌਮੀ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਇਸ ਗੰਭੀਰ ਸਥਿਤੀ ਨੂੰ ਸਹੀ ਢੰਗ ਨਾਲ ਨਜਿੱਠਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਇਸ ਤਰ੍ਹਾਂ ਰੋਕਣ ਦੀ ਬਜਾਏ ਆਪਣੀਆਂ ਸਰਹੱਦਾਂ ਰਾਹੀਂ ਦਿੱਲੀ ਜਾਣ ਲਈ ਰਸਤਾ ਦੇਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਦਿੱਲੀ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਤਾਂ ਜੋ ਕਿਸਾਨ ਵੀ ਲੋਕਤੰਤਰ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਸਕਣ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY