ਹੁਸ਼ਿਆਰਪੁਰ, (ਘੁੰਮਣ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਹੋਈ। ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਕੰਵਲ ਪ੍ਰੀਤ ਬਰਾੜ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਦੌਰਾ ਕੀਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਖਲਾਸਪੁਰ ਅਤੇ ਸਰਕਾਰੀ ਹਾਈ ਸਕੂਲ ਹਰਦੋਖਾਨਪੁਰ ਵਿਖੇ ਸਥਾਪਿਤ ਬੂਥ ਨੰਬਰ 159, 160, 161 ਅਤੇ 162 ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ, ਸੁਰੱਖਿਆ ਪ੍ਰਬੰਧ, ਪੋਲਿੰਗ ਕਰਮਚਾਰੀਆਂ ਦੀ ਤਾਇਨਾਤੀ ਅਤੇ ਕਾਨੂੰਨ ਵਿਵਸਥਾ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਦੇ ਤਾਲਮੇਲ ਕਾਰਨ ਜ਼ਿਲ੍ਹੇ ਭਰ ਵਿੱਚ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ।
ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫੀਸਦੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਗਈ ਸੀ, ਜਿਸ ਨਾਲ ਪਾਰਦਰਸ਼ਤਾ ਅਤੇ ਨਿਗਰਾਨੀ ਹੋਰ ਮਜ਼ਬੂਤ ਹੋਈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ, ਜਿਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਿੰਗ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਵਾਲੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਵੋਟਰਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਚੋਣ ਕਵਰੇਜ ਲਈ ਤਾਇਨਾਤ ਮੀਡੀਆ ਪ੍ਰਤੀਨਿਧੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਚੋਣ ਡਿਊਟੀ ਵਿੱਚ ਲੱਗੇ ਅਧਿਕਾਰੀਆਂ, ਪੋਲਿੰਗ ਸਟਾਫ਼ ਅਤੇ ਸੁਰੱਖਿਆ ਅਮਲੇ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਵੇਰੇ 10 ਵਜੇ ਤੱਕ 6.71 ਫੀਸਦੀ, ਦੁਪਹਿਰ 12 ਵਜੇ ਤੱਕ 17.24 ਫੀਸਦੀ ਅਤੇ ਦੁਪਹਿਰ 2 ਵਜੇ ਤੱਕ 29.78 ਫੀਸਦੀ ਵੋਟਿੰਗ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਜਨਤਾ ਦਾ ਸਹਿਯੋਗ ਸ਼ਲਾਘਾਯੋਗ ਰਿਹਾ ਹੈ।
ਆਈਕੇਜੀ ਪੀਟੀਯੂ ਦੀ ਪਹਿਲ, ਏਆਈ ਦੀ ਪੜ੍ਹਾਈ ਨੂੰ ਬਣਾਇਆ 'ਗਰੈਜੂਏਸ਼ਨ ਰੈਡੀ ਹੁਨਰ'
NEXT STORY