ਚੰਡੀਗੜ੍ਹ : ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੁਜ਼ਗਾਰ ਦੇ ਉਪਲੱਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਦਾ ਉਦੇਸ਼ ਅੰਮ੍ਰਿਤਸਰ ਵਿਚ ਰਹਿ ਰਹੀਆਂ ਵੀਰ ਨਾਰੀਆਂ, ਰੱਖਿਆ ਕਰਮੀਆਂ, ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਜੇ.ਸੀ.ਓਜ਼ ਦੇ ਪਰਿਵਾਰਾਂ, ਜੰਗੀ ਵਿਧਵਾਵਾਂ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਹੁਨਰ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ। ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਇਸ ਸਮਝੌਤੇ ਉਤੇ ਪੀ.ਐੱਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਆਈ.ਏ.ਐੱਸ. ਮਿਸ ਅੰਮ੍ਰਿਤ ਸਿੰਘ ਅਤੇ ਭਾਰਤੀ ਫੌਜ ਦੀ ਅੰਮ੍ਰਿਤਸਰ ਪੈਂਥਰ ਇਨਫੈਂਟਰੀ ਡਿਵੀਜ਼ਨ ਦੇ 15ਵੇਂ ਡੀ.ਓ.ਯੂ. ਦੇ ਕਮਾਂਡਿੰਗ ਅਫ਼ਸਰ ਕਰਨਲ ਮਿਲਨ ਪਾਂਡੇ ਵੱਲੋਂ ਹਸਤਾਖ਼ਰ ਕੀਤੇ ਗਏ।
ਇਸ ਭਾਈਵਾਲੀ ਲਈ ਪੀ.ਐੱਸ.ਡੀ.ਐੱਮ. ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀ ਜਵਾਨਾਂ ਦੇ ਕੁੱਲ 240 ਆਸ਼ਰਿਤਾਂ ਨੂੰ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮਿਸ਼ਨ ਵੱਲੋਂ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ ਆਸ਼ਰਿਤਾਂ ਦੀ ਸਹਾਇਤਾ ਲਈ ਭਾਰਤੀ ਫੌਜ ਨਾਲ ਕੀਤੀ ਗਈ ਇਹ ਭਾਈਵਾਲੀ ਇਸ ਦਿਸ਼ਾ ਵਿਚ ਵੱਡਾ ਕਦਮ ਹੈ।
ਪੀ.ਐੱਸ.ਡੀ.ਐੱਮ. ਦੇ ਡਾਇਰੈਕਟਰ ਨੇ ਦੱਸਿਆ ਕਿ ਸੰਕਲਪ ਸਕੀਮ ਅਧੀਨ ਦਿੱਤੀ ਜਾਣ ਵਾਲੀ ਇਹ ਸਿਖਲਾਈ ਬਿਊਟੀ ਥੈਰੇਪਿਸਟ, ਡੋਮੈਸਟਿਕ ਡਾਟਾ ਐਂਟਰੀ ਅਪਰੇਟਰ, ਸੈਲਫ-ਇੰਪਲਾਇਡ ਟੇਲਰ ਅਤੇ ਚਾਈਲਡ ਕੇਅਰ ਟੇਕਰ (ਨਾਨ-ਕਲੀਨਿਕਲ) ਵਰਗੇ ਕੋਰਸਾਂ ਉੱਤੇ ਕੇਂਦਰਿਤ ਹੋਵੇਗੀ। ਇਸ ਸਿਖਲਾਈ ਦਾ ਮੁੱਖ ਟੀਚਾ ਉਮੀਦਵਾਰਾਂ ਦੇ ਹੁਨਰ ਅਤੇ ਮੁਹਾਰਤ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਨਿਖਾਰਨਾ ਹੈ ਅਤੇ ਉਹਨਾਂ ਨੂੰ ਬਿਹਤਰ ਢੰਗ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਉਣਾ ਹੈ।
ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ "ਆਰੰਭ" ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
NEXT STORY