ਜਲੰਧਰ (ਮਹੇਸ਼) : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਨੇਜਰ ਡਾਕਟਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖੁਦਕੁਸ਼ੀ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਮੰਦਭਾਗੀ ਘਟਨਾ ਲਈ ਪੰਜਾਬ ਸਰਕਾਰ ਦੇ ਇੱਕ ਮੌਜੂਦਾ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਨੂੰ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਕਰਾਰ ਦਿੱਤਾ ਹੈ।
ਡਾਕਟਰ ਕਰੀਮਪੁਰੀ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਜਾਨ-ਮਾਲ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ, ਉੱਥੇ ਹੀ ਕੈਬਨਿਟ 'ਚ ਬੈਠੇ ਲੋਕ ਅਧਿਕਾਰੀਆਂ ਨੂੰ ਮੌਤ ਦੇ ਮੂੰਹ ਵਿੱਚ ਧੱਕ ਰਹੇ ਹਨ।ਬਸਪਾ ਨੇ ਮੰਗ ਕੀਤੀ ਹੈ ਕਿ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਡਾਕਟਰਾਂ ਦੇ ਵਿਸ਼ੇਸ਼ ਬੋਰਡ ਵੱਲੋਂ ਕਰਵਾਇਆ ਜਾਵੇ, ਜਿਸ ਵਿੱਚ ਪੀਜੀਆਈ ਚੰਡੀਗੜ੍ਹ ਦੇ ਡਾਕਟਰ ਜ਼ਰੂਰ ਸ਼ਾਮਲ ਹੋਣ ਤਾਂ ਜੋ ਸੱਚਾਈ ਸਾਹਮਣੇ ਆ ਸਕੇ।ਪਾਰਟੀ ਨੇ ਸਰਕਾਰ ਤੋਂ ਤੁਰੰਤ ਦੋਸ਼ੀ ਮੰਤਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਡਾਕਟਰ ਕਰੀਮਪੁਰੀ ਨੇ ਕਿਹਾ ਕਿ ਇੱਕ ਦਲਿਤ ਮਹਿਲਾ ਨਾਲ ਛੇੜਛਾੜ ਦੇ ਮਾਮਲੇ ਵਿੱਚ 'ਆਪ' ਵਿਧਾਇਕ ਨੂੰ 4 ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਸਪੀਕਰ ਵੱਲੋਂ ਉਸ ਨੂੰ ਡਿਸ-ਕੁਆਲੀਫਾਈ ਨਾ ਕਰਨਾ ਸਰਕਾਰ ਦੀ 'ਨੈਤਿਕ ਮੌਤ' ਦਾ ਪ੍ਰਤੀਕ ਹੈ।
ਉਹਨਾਂ ਕਿਹਾ ਕਿ ਚੰਦਭਾਨ ਅਤੇ ਬਠੋਈ ਕਲਾਂ ਵਿੱਚ ਗਰੀਬਾਂ ਅਤੇ ਦਲਿਤਾਂ 'ਤੇ ਜ਼ੁਲਮ ਕਰਨ ਵਾਲੇ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਹੋਣ ਦੇ ਬਾਵਜੂਦ ਪੰਜਾਬ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ। 'ਪੰਜਾਬ ਸਰਕਾਰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਤਾਨਾਸ਼ਾਹ ਨਜ਼ਰੀਏ ਨਾਲ ਚੱਲ ਰਹੀ ਹੈ। ਜਨਤਾ ਦੇ ਹਿੱਤਾਂ ਪ੍ਰਤੀ ਇਸ ਸਰਕਾਰ ਵਿੱਚ ਕੋਈ ਸੰਵੇਦਨਾ ਨਹੀਂ ਬਚੀ।' ਡਾਕਟਰ ਕਰੀਮਪੁਰੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਸੂਬੇ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਬਸਪਾ ਵੱਲੋਂ ਵਿੱਢੀ 'ਪੰਜਾਬ ਸੰਭਾਲੋ ਮੁਹਿੰਮ' ਦਾ ਸਾਥ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਇਸ ਗੈਰ-ਜ਼ਿੰਮੇਵਾਰ ਸਰਕਾਰ ਨੂੰ ਚਲਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪਾਰਟੀ ਦੇ ਸਟੇਟ ਆਫੀਸ ਸੈਕਟਰੀ ਇੰਜੀਨੀਅਰ ਜਸਵੰਤ ਰਾਏ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਖ਼ਿਰ ਹਰਕਤ 'ਚ ਆਈ ਟ੍ਰੈਫ਼ਿਕ ਪੁਲਸ, ਪ੍ਰਤਾਪ ਬਾਜ਼ਾਰ 'ਚ ਕੀਤੀ ਕਾਰਵਾਈ
NEXT STORY