ਪੰਜਾਬ ਡੈਸਕ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੀਰਵਾਰ ਨੂੰ ਕਰੀਬ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਸ ਨਾਲ ਦੇਸ਼ ’ਚ ਇਕ ਵਾਰ ਫਿਰ ਚਰਚਾ ਛਿੜ ਗਈ ਹੈ ਕਿ ਕੀ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ? ਅਜਿਹਾ ਇਸ ਲਈ ਵੀ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈ. ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਹੇਮੰਤ ਸੋਰੇਨ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਅਰਵਿੰਦ ਕੇਜਰੀਵਾਲ ਦਾ ਮਾਮਲਾ ਹੇਮੰਤ ਸੋਰੇਨ ਤੋਂ ਵੱਖਰਾ ਹੈ।
ਕੇਜਰੀਵਾਲ ਗ੍ਰਿਫ਼ਤਾਰ
ਆਮ ਆਦਮੀ ਪਾਰਟੀ ਦੇ ਸੌਰਵ ਭਾਰਦਵਾਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਐੱਨ. ਜੀ. ਟੀ. ਦੇ ਨਿਆਂਇਕ ਮੈਂਬਰ ਜਸਟਿਸ (ਸੇਵਾਮੁਕਤ) ਸੁਧੀਰ ਅਗਰਵਾਲ ਨੇ ਕਿਹਾ, ‘‘ਜੇ ਕੋਈ ਸਰਕਾਰੀ ਅਧਿਕਾਰੀ ਜੇਲ ਜਾਂਦਾ ਹੈ ਤਾਂ ਉਸ ਨੂੰ ਮੁਅੱਤਲ ਕਰਨ ਦਾ ਕਾਨੂੰਨ ਹੈ ਪਰ ਸਿਆਸਤਦਾਨਾਂ ’ਤੇ ਕੋਈ ਕਾਨੂੰਨੀ ਰੋਕ ਨਹੀਂ ਹੈ। ਹਾਲਾਂਕਿ ਦਿੱਲੀ ਇਕ ਪੂਰਨ ਰਾਜ ਨਹੀਂ ਹੈ, ਜੇਕਰ ਮੁੱਖ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਰਾਸ਼ਟਰਪਤੀ ਦਿੱਲੀ ’ਚ ਰਾਸ਼ਟਰਪਤੀ ਰਾਜ ਲਗਾ ਸਕਦੇ ਹਨ।’’
ਕਿਹੜੇ ਮਾਮਲਿਆਂ ’ਚ ਮੁੱਖ ਮੰਤਰੀ ਨੂੰ ਛੋਟ ਨਹੀਂ ਹੈ
ਸੰਵਿਧਾਨ ਦੀ ਧਾਰਾ 361 ਤਹਿਤ ਮੁੱਖ ਮੰਤਰੀ ਨੂੰ ਸਿਵਲ ਮਾਮਲਿਆਂ ’ਚ ਗ੍ਰਿਫ਼ਤਾਰੀ ਤੇ ਨਜ਼ਰਬੰਦੀ ਤੋਂ ਛੋਟ ਹੈ ਪਰ ਅਪਰਾਧਿਕ ਮਾਮਲਿਆਂ ’ਚ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਬਿਲਕੁਲ ਇਹੀ ਨਿਯਮ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰਾਂ, ਵਿਧਾਨ ਸਭਾ ਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਲਈ ਲਾਗੂ ਹੁੰਦੇ ਹਨ। ਹਾਲਾਂਕਿ ਰਾਸ਼ਟਰਪਤੀ ਤੇ ਰਾਜਪਾਲ ਦੇ ਅਹੁਦੇ ’ਤੇ ਹੁੰਦਿਆਂ ਕੋਈ ਵੀ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ।
ਇਹ ਖ਼ਬਰ ਵੀ ਪੜ੍ਹੋ : ਕਿੰਨੇ ਕਰੋੜ ਦੇ ਮਾਲਕ ਨੇ ਅਰਵਿੰਦ ਕੇਜਰੀਵਾਲ ਤੇ ਕਿੰਨੀ ਹੈ ਜ਼ਮੀਨ? ਜਾਣੋ ਦਿੱਲੀ ਦੇ CM ਦੀ ਜਾਇਦਾਦ ਬਾਰੇ ਸਭ ਕੁਝ
ਧਾਰਾ 361
ਧਾਰਾ 361 ਤਹਿਤ ਰਾਸ਼ਟਰਪਤੀ ਜਾਂ ਰਾਜਪਾਲ ਦੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਲਤ ’ਚ ਕੋਈ ਅਪਰਾਧਿਕ ਕਾਰਵਾਈ ਨਹੀਂ ਕੀਤੀ ਜਾ ਸਕਦੀ ਤੇ ਨਾ ਹੀ ਕੋਈ ਅਦਾਲਤ ਉਸ ਨੂੰ ਨਜ਼ਰਬੰਦ ਕਰਨ ਦਾ ਹੁਕਮ ਦੇ ਸਕਦੀ ਹੈ।
ਗ੍ਰਿਫ਼ਤਾਰੀ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ
ਕੋਡ ਆਫ ਸਿਵਲ ਪ੍ਰੋਸੀਜ਼ਰ 135 ਦੇ ਤਹਿਤ ਮੁੱਖ ਮੰਤਰੀ ਜਾਂ ਵਿਧਾਨ ਪ੍ਰੀਸ਼ਦ ਦੇ ਮੈਂਬਰ ਨੂੰ ਸਿਵਲ ਕੇਸਾਂ ’ਚ ਗ੍ਰਿਫ਼ਤਾਰੀ ਤੋਂ ਛੋਟ ਦਿੱਤੀ ਜਾਂਦੀ ਹੈ ਪਰ ਅਪਰਾਧਿਕ ਮਾਮਲਿਆਂ ’ਚ ਨਹੀਂ। ਹਾਲਾਂਕਿ ਅਪਰਾਧਿਕ ਮਾਮਲਿਆਂ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਸਦਨ ਦੇ ਸਪੀਕਰ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਜਿਸ ਦਾ ਸਪੱਸ਼ਟ ਮਤਲਬ ਹੈ ਕਿ ਵਿਧਾਨ ਸਭਾ ਸਪੀਕਰ ਦੀ ਮਨਜ਼ੂਰੀ ਤੋਂ ਬਾਅਦ ਹੀ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੂੰ ਕਦੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ?
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਜਾਂ ਵਿਧਾਨ ਪ੍ਰੀਸ਼ਦ ਦੇ ਕਿਸੇ ਮੈਂਬਰ ਨੂੰ ਕਦੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਇਸ ਬਾਰੇ ਬਕਾਇਦਾ ਨਿਯਮ ਬਣੇ ਹੋਏ ਹਨ। ਕੋਡ ਆਫ ਸਿਵਲ ਪ੍ਰੋਸੀਜ਼ਰ 135 ਦੇ ਤਹਿਤ ਮੁੱਖ ਮੰਤਰੀ ਜਾਂ ਵਿਧਾਨ ਪ੍ਰੀਸ਼ਦ ਦੇ ਕਿਸੇ ਮੈਂਬਰ ਨੂੰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ 40 ਦਿਨ ਪਹਿਲਾਂ ਤੇ ਇਸ ਦੇ ਖ਼ਤਮ ਹੋਣ ਤੋਂ 40 ਦਿਨ ਬਾਅਦ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੂੰ ਸਦਨ ਤੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।
ਰਾਜ ਸਭਾ ਦੇ ਸਾਬਕਾ ਸਕੱਤਰ ਜਨਰਲ ਯੋਗੇਂਦਰ ਨਾਰਾਇਣ ਨੇ ਕਿਹਾ, ‘‘ਕੇਜਰੀਵਾਲ ਨੂੰ ਈ. ਡੀ. ਨੇ ਗ੍ਰਿਫ਼ਤਾਰ ਕਰ ਲਿਆ ਹੈ, ਇਸ ਲਈ ਜੇਕਰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ ਜਾਂਦਾ ਹੈ ਤਾਂ ਇਹ ਸਿੱਧੇ ਤੌਰ ’ਤੇ ਅਦਾਲਤ ’ਤੇ ਨਿਰਭਰ ਕਰੇਗਾ ਕਿ ਕੀ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ। ਇਸ ਸਬੰਧੀ ਸੰਵਿਧਾਨਕ ਨਿਯਮ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਂਝ ਅਤੀਤ ’ਚ ਅਜਿਹਾ ਕੋਈ ਮਾਮਲਾ ਧਿਆਨ ’ਚ ਨਹੀਂ ਆਉਂਦਾ, ਜਦੋਂ ਕਿਸੇ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਨੇ ਜੇਲ ’ਚ ਰਹਿੰਦਿਆਂ ਸਰਕਾਰ ਚਲਾਈ ਹੋਵੇ।’’
ਜ਼ਿਕਰਯੋਗ ਹੈ ਕਿ ਲਾਲੂ ਪ੍ਰਸਾਦ ਯਾਦਵ, ਮਰਹੂਮ ਜੇ. ਜੈਲਲਿਤਾ, ਬੀ. ਐੱਸ. ਯੇਦੀਯੁਰੱਪਾ ਤੇ ਹੇਮੰਤ ਸੋਰੇਨ ਨੂੰ ਵੱਖ-ਵੱਖ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਕਿਸ-ਕਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ?
- ਲਾਲੂ ਪ੍ਰਸਾਦ ਯਾਦਵ ਦਾ ਨਾਮ ਚਾਰਾ ਘੁਟਾਲੇ ਮਾਮਲੇ ’ਚ ਸੀ. ਬੀ. ਆਈ. ਦੀ ਚਾਰਜਸ਼ੀਟ ’ਚ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਤੇ ਰਾਬੜੀ ਦੇਵੀ ਮੁੱਖ ਮੰਤਰੀ ਬਣ ਗਈ। ਇਸ ਤੋਂ ਬਾਅਦ ਹੀ ਲਾਲੂ ਪ੍ਰਸਾਦ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
- ਜੈਲਲਿਤਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਜਦੋਂ ਤੱਕ ਮਾਮਲੇ ਦੀ ਜਾਂਚ ਚੱਲ ਰਹੀ ਸੀ, ਉਹ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹੇ।
- ਅਜਿਹਾ ਹੀ ਇਕ ਮਾਮਲਾ ਸਾਲ 2011 ’ਚ ਕਰਨਾਟਕ ਤੋਂ ਸਾਹਮਣੇ ਆਇਆ ਸੀ, ਜਦੋਂ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਸਬੰਧੀ ਲੋਕਾਯੁਕਤ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੂੰ ਅਸਤੀਫ਼ਾ ਦੇਣਾ ਪਿਆ ਸੀ ਤੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਕੈਬਨਿਟ ਮੰਤਰੀ ETO, ਕਿਹਾ- AAP ਤੋਂ ਡਰਦੀ ਹੈ ਭਾਜਪਾ (ਵੀਡੀਓ)
NEXT STORY