ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ 'ਚ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਸਿੱਖ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਗੇਟ ਸਥਿਤ ਪੁੱਡਾ ਮਾਰਕੀਟ 'ਚ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾਇਆ। ਜੱਥੇਬੰਦੀਆਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਦਿਆਂ ਬਜ਼ਾਰ ਬੰਦ ਕਰਵਾਏ ਅਤੇ ਬਾਅਦ 'ਚ 7 ਨੰਬਰ ਚੁੰਗੀ ’ਤੇ ਵਿਸ਼ਾਲ ਧਰਨਾ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕਈ ਸਿੱਖ ਕੈਦੀ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਫਿਰੋਜ਼ਪੁਰ 'ਚ ਅੱਜ ਪੰਜਾਬ ਬੰਦ ਦੇ ਸੱਦੇ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਸਿੱਖ ਅਤੇ ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਵਰਕਰ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ। ਦਿੱਲੀ ਗੇਟ ਸਥਿਤ ਪੁੱਡਾ ਮਾਰਕੀਟ ਵਿਖੇ ਇਕੱਤਰ ਹੋਏ ਆਗੂਆਂ 'ਚ ਲਖਬੀਰ ਸਿੰਘ ਮਹਾਲਮ, ਏਕਨੂਰ ਖਾਲਸਾ, ਮਿਸਲ ਸਤਲੁੱਜ ਦੀ ਜਨਰਲ ਸਕੱਤਰ ਮਨਦੀਪ ਕੌਰ, ਵਾਰਸ ਪੰਜਾਬ ਦੇ ਮਨਬੀਰ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਭਾਈ ਭਗਵਾਨ ਸਿੰਘ ਦੜਿਆਲਾ ਸਮੇਤ ਕਈ ਹੋਰ ਆਗੂ ਸ਼ਾਮਲ ਸਨ।

ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ। ਆਗੂਆਂ ਨੇ ਮੰਗ ਕੀਤੀ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਿਸੇ ਵਿਅਕਤੀ ਨੂੰ ਜੇਲ੍ਹ 'ਚ ਰੱਖਣਾ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਸ ਮਾਮਲੇ 'ਚ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਇਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਫਿਰੋਜ਼ਪੁਰ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਦੇ ਚੱਲਦਿਆਂ ਟਾਹਲੀ ਮੁਹੱਲਾ, ਡਾਕਖਾਨਾ ਚੌਂਕ, ਬਗਦਾਦੀ ਗੇਟ, ਸਬਜ਼ੀ ਮੰਡੀ ਸਮੇਤ ਸ਼ਹਿਰ ਅਤੇ ਛਾਉਣੀ ਦੇ ਲਗਭਗ ਸਾਰੇ ਪ੍ਰਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਬੰਦ ਦੇ ਸਮਰਥਨ 'ਚ ਬੈਂਕਾਂ ਦੀਆਂ ਕਈ ਸ਼ਾਖਾਵਾਂ ਵੀ ਬੰਦ ਰਹੀਆਂ, ਜਿਸ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਕੰਮਕਾਜ ’ਤੇ ਵੀ ਅਸਰ ਪਿਆ।

ਪੰਜਾਬ ਬੰਦ ਦੇ ਇਸ ਪ੍ਰਦਰਸ਼ਨ 'ਚ ਸਿੱਖ ਜੱਥੇਬੰਦੀਆਂ ਦੇ ਨਾਲ ਕਿਸਾਨ ਸੰਗਠਨਾਂ ਨੇ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਕਿਸਾਨਾਂ ਅਤੇ ਸਿੱਖ ਆਗੂਆਂ ਵੱਲੋਂ ਮਿਲ ਕੇ ਫਿਰੋਜ਼ਪੁਰ ਦੇ 7 ਨੰਬਰ ਚੁੰਗੀ ’ਤੇ ਵਿਸ਼ਾਲ ਧਰਨਾ ਲਗਾਇਆ ਗਿਆ। ਧਰਨੇ ਕਾਰਨ ਇਸ ਰਸਤੇ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀ ਆਵਾਜਾਈ ਨੂੰ ਰੋਕਿਆ ਗਿਆ। ਧਰਨੇ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੀਕੇਯੂ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ ਘੱਲਖੁਰਦ, ਵਾਰਸ ਪੰਜਾਬ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਐੱਮਪੀ ਭਾਈ ਧਿਆਨ ਸਿੰਘ ਮੰਡ, ਅਕਾਲੀ ਦਲ ਅੰਮ੍ਰਿਤਸਰ ਦੇ ਗੁਰਚਰਨ ਸਿੰਘ ਭੁੱਲਰ ਅਤੇ ਜਸਬੀਰ ਸਿੰਘ ਭੁੱਲਰ, ਰਾਵਣ ਸੈਨਾ ਦੇ ਦੀਪ ਦਸ਼ਾਨੰਦ, ਇੰਟਰਨੈਸ਼ਨਲ ਪੰਥਕ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ, ਆਮ ਆਦਮੀ ਪਾਰਟੀ ਦੇ ਸੁਖਰਾਜ ਗੋਰਾ, ਕ੍ਰਾਂਤੀਕਾਰੀ ਫੂਲ ਗਰੁੱਪ ਦੇ ਗੁਰਪ੍ਰੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਕਿਸਾਨ ਪੱਦੀ ਗਰੁੱਪ) ਦੇ ਜ਼ੋਨ ਪ੍ਰਧਾਨ ਸੁਰਜੀਤ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਰਹੇ।ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਬੰਦੀ ਸਿੰਘਾਂ ਦੇ ਮੁੱਦੇ ਨੂੰ ਲੋੜੀਂਦੀ ਗੰਭੀਰਤਾ ਨਾਲ ਨਹੀਂ ਲੈ ਰਹੀਆਂ।

ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਲਖਵਿੰਦਰ ਸਿੰਘ ਭਿਓਰਾ ਅਤੇ ਹੋਰਨਾਂ ਸਿੱਖ ਕੈਦੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੈਦੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਕਈ ਮਾਮਲਿਆਂ ਵਿੱਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਈ ਨਹੀਂ ਹੋਈ।ਆਗੂਆਂ ਨੇ ਇਹ ਵੀ ਕਿਹਾ ਕਿ ਕਾਨੂੰਨ ਅਨੁਸਾਰ ਜਿਨ੍ਹਾਂ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਦੇ ਮਾਮਲਿਆਂ ’ਤੇ ਸਰਕਾਰਾਂ ਨੂੰ ਮਨੁੱਖੀ ਅਤੇ ਕਾਨੂੰਨੀ ਪੱਖ ਤੋਂ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮਾ ਖਿੱਚਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਇਸ ਨੂੰ ਕਾਨੂੰਨ ਦੇ ਦੋਹਰੇ ਮਾਪਦੰਡ ਵਜੋਂ ਦਰਸਾਇਆ। ਜੱਥੇਬੰਦੀਆਂ ਨੇ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਹੋਰ ਲਟਕਾਇਆ ਨਾ ਜਾਵੇ ਅਤੇ ਜਿਨ੍ਹਾਂ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਸਬੰਧੀ ਕਾਨੂੰਨੀ ਪ੍ਰਕਿਰਿਆ ਤਹਿਤ ਤੁਰੰਤ ਫੈਸਲਾ ਲਿਆ ਜਾਵੇ। ਫਿਰੋਜ਼ਪੁਰ ਵਿੱਚ ਹੋਏ ਇਸ ਬੰਦ ਅਤੇ ਧਰਨੇ ਕਾਰਨ ਸ਼ਹਿਰ ਦੇ ਬਾਜ਼ਾਰਾਂ, ਆਵਾਜਾਈ ਅਤੇ ਆਮ ਜਨਜੀਵਨ ’ਤੇ ਕਾਫ਼ੀ ਪ੍ਰਭਾਵ ਪਿਆ। ਸਿੱਖ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਸ਼ਮੂਲੀਅਤ ਕਾਰਨ ਪ੍ਰਦਰਸ਼ਨ ਨੂੰ ਵੱਡਾ ਰੂਪ ਮਿਲਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਇੱਕ ਵਾਰ ਫਿਰ ਜਨਤਕ ਤੌਰ ’ਤੇ ਉੱਭਰ ਕੇ ਸਾਹਮਣੇ ਆਇਆ।
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ
NEXT STORY