ਕੋਟਕਪੂਰਾ (ਨਰਿੰਦਰ ਬੈੜ੍ਹ) : ਨੇੜਲੇ ਪਿੰਡ ਕੋਟਸੁਖੀਆ ਵਿਖੇ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਪਿੰਡ ਕੋਟਸੁਖੀਆ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਪੁੱਤਰ ਜਗਮੀਤ ਸਿੰਘ ਦਾ ਵਿਆਹ ਕਰੀਬ 10 ਸਾਲ ਪਹਿਲਾਂ ਅਮਨਦੀਪ ਕੌਰ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਸਦੀ ਨੂੰਹ ਅਕਸਰ ਹੀ ਉਸਦੇ ਪੁੱਤਰ ਨੂੰ ਤੰਗ-ਪਰੇਸ਼ਾਨ ਕਰਦੀ ਰਹਿੰਦੀ ਸੀ ਅਤੇ ਆਪਣੀ ਮਾਂ ਦੇ ਉਕਸਾਉਣ ’ਤੇ ਜਗਮੀਤ ਸਿੰਘ ’ਤੇ ਜ਼ਮੀਨ ਆਪਣੇ ਨਾਂ ਕਰਵਾਉਣ ਲਈ ਦਬਾਅ ਬਣਾਉਂਦੀ ਸੀ।
ਇਸ ਤੋਂ ਪ੍ਰੇਸ਼ਾਨ ਹੋ ਕੇ ਜਗਮੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਅਤੇ ਸੱਸ ਸੁਖਦੀਪ ਕੌਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਭੇਜ ਦਿੱਤਾ ਹੈ। ਇਸ ਸਬੰਧੀ ਡੀ.ਐੱਸ.ਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ਦੇ ਆਧਾਰ ’ਤੇ ਮਾਮਲੇ ਵਿੱਚ ਹੋਰ ਧਾਰਾਵਾਂ ਜੋੜੀਆਂ ਜਾਣਗੀਆਂ।
ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ ਕੁਲਾਰ
NEXT STORY