ਖੰਨਾ (ਬਿਪਨ ਭਾਰਦਵਾਜ) - ਖੰਨਾ ਦੇ ਜੀ. ਟੀ. ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ’ਚ ਡਲਿਵਰੀ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਖੂਬ ਹੰਗਾਮਾ ਕੀਤਾ। ਉਨ੍ਹਾਂ ਡਾਕਟਰਾਂ ’ਤੇ ਇਲਾਜ ’ਚ ਲਾਪ੍ਰਵਾਹੀ ਦਾ ਦੋਸ਼ ਲਾਇਆ। ਉਨ੍ਹਾਂ ਡਾਕਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਸਥਿਤੀ ਨੂੰ ਦੇਖਦੇ ਹੋਏ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕੀਤਾ। ਮ੍ਰਿਤਕਾ ਸੰਦੀਪ ਕੌਰ ਵਾਸੀ ਲੁਹਾਰ ਮਾਜਰਾ ਦੀ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਗਿਆ। ਉਥੇ ਵੀਰਵਾਰ ਨੂੰ ਡਾਕਟਰਾਂ ਦਾ ਬੋਰਡ ਬਣਾ ਕੇ ਪੋਸਟਮਾਰਟਮ ਕੀਤਾ ਜਾਵੇਗਾ।
ਮ੍ਰਿਤਕਾ ਸੰਦੀਪ ਕੌਰ ਦੇ ਪਤੀ ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਕਰੀਬ 4 ਸਾਲ ਪਹਿਲਾਂ ਵਿਆਹ ਹੋਇਆ ਸੀ। 25 ਨਵੰਬਰ ਨੂੰ ਉਸ ਦੀ ਪਤਨੀ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਥੇ 26 ਨਵੰਬਰ ਨੂੰ ਆਪ੍ਰੇਸ਼ਨ ਨਾਲ ਬੱਚੇ ਦਾ ਜਨਮ ਹੋਇਆ। ਆਪ੍ਰੇਸ਼ਨ ਤੋਂ ਬਾਅਦ ਉਸ ਦੀ ਪਤਨੀ ਨੂੰ ਬਲੀਡਿੰਗ ਹੁੰਦੀ ਰਹ। ਉਸ ਨੇ ਵਾਰ-ਵਾਰ ਹਸਪਤਾਲ ਦੇ ਸਟਾਫ ਨੂੰ ਦੱਸਿਆ ਪਰ ਕਿਸੇ ਨੇ ਨਹੀਂ ਸੰਭਾਲਿਆ। ਉਹ ਕਹਿੰਦੇ ਰਹੇ ਕਿ ਡਾਕਟਰ ਨੂੰ ਬੁਲਾਇਆ ਜਾਵੇ ਪਰ ਡਾਕਟਰ ਉਸਦੀ ਪਤਨੀ ਨੂੰ ਦੇਖਣ ਨਹੀਂ ਆਇਆ। ਬੁੱਧਵਾਰ ਦੁਪਹਿਰ ਨੂੰ ਉਸਦੀ ਪਤਨੀ ਨੂੰ ਨਿੱਜੀ ਹਸਪਤਾਲ ਤੋਂ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਗਤਾਰ ਸਿੰਘ ਨੇ ਮੰਗ ਕੀਤੀ ਕਿ ਉਸ ਦੀ ਪਤਨੀ ਦੀ ਮੌਤ ਲਈ ਜ਼ਿੰਮੇਵਾਰ ਡਾਕਟਰ ਅਤੇ ਹੋਰ ਸਟਾਫ਼ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਡੀ. ਐੱਸ. ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਪੁਲਸ ਪਾਰਟੀ ਮੌਕੇ ’ਤੇ ਪੁੱਜੇ। ਪਰਿਵਾਰ ਵਾਲਿਆਂ ਨੂੰ ਸ਼ਾਂਤ ਕੀਤਾ। ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਗਿਆ ਹੈ। ਵੀਰਵਾਰ ਨੂੰ ਡਾਕਟਰਾਂ ਦਾ ਬੋਰਡ ਬਣਾ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ’ਚ ਹੀ ਸਪੱਸ਼ਟ ਹੋਵੇਗਾ।
ਪਟਾਕਿਆਂ ਕਾਰਨ ਗਲੀ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ
NEXT STORY