ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ 'ਚ ਏ. ਟੀ. ਐਸ. ਵੈਲੀ ਸਕੂਲ ਦੇ ਸਾਹਮਣੇ ਸਥਿਤ ਸਿਮਰਨ ਸਿਟੀ ਤੋਂ 38 ਸਾਲਾ ਔਰਤ ਦੇ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਲਾਪਤਾ ਹੋਏ ਦੋ ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਕਾਰਨ ਪਰਿਵਾਰਕ ਮੈਂਬਰ ਕਾਫ਼ੀ ਪਰੇਸ਼ਾਨ ਹਨ। ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡੇਰਾਬੱਸੀ ਪੁਲਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਮਹਿਲਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਿਮਰਨ ਸਿਟੀ ਵਾਸੀ ਸੁਸ਼ਮਾ ਰਾਣੀ ਪਤਨੀ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ 38 ਸਾਲਾ ਧੀ ਦੀਪਿਕਾ 12 ਨਵੰਬਰ ਨੂੰ ਦੁਪਹਿਰ ਕਰੀਬ ਇੱਕ ਵਜੇ ਘਰੋਂ ਬਿਨਾਂ ਕਿਸੇ ਨੂੰ ਕੁੱਝ ਦੱਸੇ ਕਿਤੇ ਚਲੀ ਗਈ ਸੀ। ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਜਦੋਂ ਉਹ ਘਰ ਵਾਪਸ ਨਹੀਂ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਵੀ ਪੁੱਛਗਿੱਛ ਕੀਤੀ ਗਈ ਪਰ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਸ਼ਿਕਾਇਤਕਰਤਾ ਅਨੁਸਾਰ ਦੀਪਿਕਾ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪੀ. ਜੀ. ਆਈ. ਚੰਡੀਗੜ੍ਹ ਤੋਂ ਇਲਾਜ ਕਰਵਾ ਰਹੀ ਹੈ। ਉਸ ਦਾ ਕੱਦ ਕਰੀਬ ਪੰਜ ਫੁੱਟ ਚਾਰ ਇੰਚ ਅਤੇ ਰੰਗ ਗੋਰਾ ਦੱਸਿਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰ ਲਈ ਗਈ ਹੈ। ਔਰਤ ਦੀ ਭਾਲ ਲਈ ਆਸ-ਪਾਸ ਦੇ ਹੋਰ ਪੁਲਸ ਥਾਣਿਆਂ ਅਤੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਔਰਤ ਦੀ ਪਛਾਣ ਅਤੇ ਭਾਲ ਲਈ ਇਸ਼ਤਿਹਾਰ ਵੀ ਜਾਰੀ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਦੀਪਿਕਾ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਸ ਥਾਣੇ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਉਸ ਨੂੰ ਜਲਦ ਤੋਂ ਜਲਦ ਲੱਭਿਆ ਜਾ ਸਕੇ।
ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ
NEXT STORY