ਮੁੱਲਾਪੁਰ ਦਾਖਾ (ਕਾਲੀਆ) - ਸਥਾਨਕ ਰਾਏਕੋਟ ਰੋਡ ’ਤੇ ਫਲਾਈਓਵਰ ਪੁਲ ਨੇੜੇ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਇੱਕ ਸਕੂਟਰ ਸਵਾਰ ਔਰਤ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੌਰਾਨ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪਤਨੀ ਮਨਦੀਪ ਸਿੰਘ, ਵਾਸੀ ਪਿੰਡ ਅਕਾਲਗੜ੍ਹ, ਆਪਣੀ ਮਾਸੀ ਦੀ ਧੀ ਦੇ ਵਿਆਹ ਲਈ ਖਰੀਦਦਾਰੀ ਕਰਨ ਵਾਸਤੇ ਸਕੂਟਰੀ ’ਤੇ ਬਾਜ਼ਾਰ ਆਈ ਹੋਈ ਸੀ। ਜਦੋਂ ਉਹ ਫਲਾਈਓਵਰ ਪੁਲ ਨੇੜੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੁੱਜੀ ਤਾਂ ਅਚਾਨਕ ਉਸ ਦਾ ਗਲਾ ਚਾਈਨਾ ਡੋਰ ਨਾਲ ਕੱਟ ਗਿਆ। ਇਸ ਕਾਰਨ ਉਹ ਸੰਤੁਲਨ ਗੁਆ ਬੈਠੀ ਅਤੇ ਸਕੂਟਰੀ ਤੋਂ ਡਿੱਗ ਪਈ।
ਘਟਨਾ ਮੌਕੇ ਮੌਜੂਦ ਦੁਕਾਨਦਾਰਾਂ ਵੱਲੋਂ ਜ਼ਖਮੀ ਔਰਤ ਨੂੰ ਤੁਰੰਤ ਮੈਡੀਵੇਜ਼ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾ ਸਰਬਜੀਤ ਕੌਰ ਰਾਏਕੋਟ ਰੋਡ ’ਤੇ ਖਾਣੇ ਦੀ ਇੱਕ ਦੁਕਾਨ ਚਲਾਉਂਦੀ ਸੀ ਅਤੇ ਆਪਣੇ ਪਿੱਛੇ ਦੋ ਸਾਲ ਦਾ ਮਾਸੂਮ ਬੱਚਾ ਛੱਡ ਗਈ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਦਾਖਾ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਗਈ। ਥਾਣਾ ਮੁਖੀ ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੁੱਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚਾਈਨਾ ਡੋਰ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।
ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ 'ਪਦਮ ਸ਼੍ਰੀ' ਸਨਮਾਨ ਦਾ ਐਲਾਨ
NEXT STORY