ਮੋਰਿੰਡਾ (ਅਰਨੋਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਜ਼ਾਰਾਂ ਬੇਜ਼ਮੀਨੇ ਐੱਸ. ਸੀ. ਪਰਿਵਾਰ ਅੱਜ ਚਿਰਾਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਉਨ੍ਹਾਂ ਦੀ ਮੋਰਿੰਡਾ ਸਥਿਤ ਰਿਹਾਇਸ਼ ਵੱਲ ਰੋਸ-ਮੁਜ਼ਾਹਰੇ ਦੀ ਸ਼ਕਲ ਵਿੱਚ ਅੱਗੇ ਵਧ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ। ਲਾਠੀਚਾਰਜ ਕਾਰਨ ਸੈਂਕੜੇ ਔਰਤਾਂ, ਮਰਦ, ਨੌਜਵਾਨ ਜ਼ਖਮੀ ਹੋਏ। ਇਸ ਝੜਪ ’ਚ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ।
ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿੱਤ ਦਿਹਾੜੀ ਤੇ ਆਪਣੇ ਹੱਕ ਮੰਗਦੇ ਐੱਸ. ਸੀ. ਭਾਈਚਾਰੇ ਦੇ ਲੋਕ ਪੇਂਡੂ ਧਨਾਢਾਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ। ਲਾਠੀਚਾਰਜ ਤੋਂ ਬਾਅਦ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਗੁਰਵਿੰਦਰ ਬੌੜਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਮੇਤ ਕਾਂਗਰਸੀ ਮੰਤਰੀਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਿਸ਼ਾਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਦੌਰਾਨ ਹੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਡਟ ਕੇ ਹਮਾਇਤ ਕਰਦਿਆਂ ਜ਼ਬਰ ਦਾ ਰਾਹ ਛੱਡ ਕੇ ਬੇਜ਼ਮੀਨੇ ਕਿਰਤੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਸਲਾਹ ਦਿੱਤੀ ਹੈ।
ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ ਗੁਰਦੇਵ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਆਏ ਧਰਨਾਕਾਰੀ ਅਪਣੇ ਝੋਲਿਆਂ ਵਿੱਚ ਰੋੜੇ-ਪੱਥਰ ਲੈ ਕੇ ਸਨ, ਜਦੋ ਉਨਾਂ ਨਾਲ ਅਸੀਂ ਗੱਲਬਾਤ ਕਰਨੀ ਚਾਹੀ ਤਾਂ ਸੰਘਰਸ਼ ਕਮੇਟੀ ਦੇ ਵਰਕਰਾਂ ਵੱਲੋਂ ਪੱਥਰਬਾਜੀ ਸ਼ੁਰੂ ਕਰ ਦਿੱਤੀ, ਜਿਸ ਵਿਚ ਅੱਧਾ ਦਰਜਨ ਦੇ ਕਰੀਬ ਪੁਲਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ।
ਉਧਰ ਮੁੱਖ ਮੰਤਰੀ ਦਫਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 21 ਅਕਤੂਬਰ ਨੂੰ ਕਮੇਟੀ ਦੇ ਆਗੂਆਂ ਦੀ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਹੋਵੇਗੀ, ਜਿਸ ਵਿੱਚ ਦੋਵੇ ਧਿਰਾਂ ਵਿਚਕਾਰ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ।
ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ
NEXT STORY