ਲੁਧਿਆਣਾ (ਨਰਿੰਦਰ) : ਪਾਕਿਸਤਾਨ 'ਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਦਿਨ ਕੁਝ ਕੱਟੜਵਾਦੀਆਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਦੇ ਨਾਲ ਮੁਸਲਿਮ ਭਾਈਚਾਰੇ ਦੇ ਲੋਕ ਵੀ ਮੌਜੂਦ ਰਹੇ। ਪ੍ਰਦਰਸ਼ਨ ਕਰਦੇ ਹੋਏ ਅਕਾਲੀ ਦਲ ਦੇ ਆਗੂਆਂ ਨੇ ਜੰਮ ਕੇ ਪਾਕਿਸਤਾਨ ਦੇ ਖਿਲਾਫ ਆਪਣੀ ਭੜਾਸ ਕੱਢੀ।
ਲੁਧਿਆਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਦੋਹਰੀ ਨੀਤੀ ਚੱਲੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਲ੍ਹਿਆ ਜਾਂਦਾ ਹੈ ਅਤੇ ਦੂਜੇ ਪਾਸੇ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਬਰਾਬਰ ਹੀ ਹੈ। ਉਨ੍ਹਾਂ ਪਾਕਿਸਤਾਨ ਅਤੇ ਜੇਲ 'ਚ ਬੰਦ ਕੀਤੇ ਗਏ ਹਸਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਇਸ ਮੌਕੇ ਗੋਸ਼ਾ ਨੇ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ ਹਨ। ਦੱਸਣਯੋਗ ਹੈ ਕਿ ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਿਆ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਯੂਥ ਅਕਾਲੀ ਦਲ ਵਲੋਂ ਸੜਕਾਂ 'ਤੇ ਉੱਤਰ ਕੇ ਪਾਕਿਸਤਾਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਰੇਕੀ ਕਰਕੇ ਵਪਾਰੀ 'ਤੇ ਕੀਤਾ ਹਮਲਾ, ਲੁੱਟੀ 3 ਲੱਖ ਤੋਂ ਵੱਧ ਦੀ ਨਕਦੀ
NEXT STORY