ਮੋਗਾ (ਕਸ਼ਿਸ਼ ਸਿੰਗਲਾ) : ਸ਼ਹਿਰ ਦੇ ਬਹੋਨਾ ਰੋਡ ਰਾਮ ਬੋਲੀ ਨੇੜੇ ਸਥਿਤ ਖ਼ਾਲੀ ਪਲਾਟ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਰਾਹਗੀਰਾਂ ਵੱਲੋਂ ਖ਼ਾਲੀ ਪਲਾਟ ਅੰਦਰ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ 'ਚ ਪਿਆ ਦੇਖਿਆ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਸਿਟੀ-1 ਥਾਣੇ ਦੀ ਪੁਲਸ ਟੀਮ ਮੌਕੇ ’ਤੇ ਪਹੁੰਚੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ-1 ਥਾਣੇ ਦੇ ਐੱਸ. ਐੱਚ. ਓ. ਵਰੁਣ ਮੱਟੂ ਨੇ ਦੱਸਿਆ ਕਿ ਪੁਲਸ ਨੂੰ 112 ਨੰਬਰ ’ਤੇ ਇੱਕ ਕਾਲ ਪ੍ਰਾਪਤ ਹੋਈ ਸੀ, ਜਿਸ ਵਿੱਚ ਬਹੋਨਾ ਚੌਂਕ ਤੋਂ ਅੱਗੇ ਖ਼ਾਲੀ ਪਲਾਟ 'ਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਸੀ। ਮੌਕੇ ’ਤੇ ਪਹੁੰਚ ਕੇ ਪੁਲਸ ਵੱਲੋਂ ਜਾਂਚ ਕੀਤੀ ਗਈ ਤਾਂ ਉੱਥੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਪੁਲਸ ਵੱਲੋਂ ਤੁਰੰਤ ਮਾਮਲੇ ਦੀ ਹਰ ਪੱਖੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਫਿਲਹਾਲ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਸ਼ਨਾਖ਼ਤ ਲਈ ਰੱਖਿਆ ਗਿਆ ਹੈ। ਪੁਲਸ ਅਧਿਕਾਰੀਆਂ ਮੁਤਾਬਕ ਅਣਪਛਾਤੇ ਨੌਜਵਾਨ ਦੀ ਪਛਾਣ ਲਈ ਆਸ-ਪਾਸ ਦੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਚਾਈਨਾ ਡੋਰ ਦਾ ਕਹਿਰ ਜਾਰੀ: 15 ਸਾਲਾਂ ਦੇ ਨੌਜਵਾਨ ਦੀ ਵਾਲ-ਵਾਲ ਬਚੀ ਜਾਨ
NEXT STORY