ਰੂਪਨਗਰ : ਨੂਰਪੁਰ ਬੇਦੀ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ, 25 ਸਾਲਾ ਮ੍ਰਿਤਕ ਨੌਜਵਾਨ ਦੀ ਪਛਾਣ ਹਰਮੋਲ ਸਿੰਘ ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮੋਲ ਸਿੰਘ ਆਪਣੇ ਇੱਕ ਸਾਥੀ ਨਾਲ ਆਜਮਪੁਰ ਨੇੜੇ ਸਥਿਤ ਭੁੱਲਰ ਇਲੈਕਟ੍ਰਾਨਿਕਸ ਸ਼ੋਰੂਮ ਤੋਂ ਸਾਮਾਨ ਲੈ ਕੇ ਬਾਹਰ ਨਿਕਲਿਆ ਹੀ ਸੀ ਕਿ ਸੜਕ 'ਤੇ ਪਹਿਲਾਂ ਤੋਂ ਮੌਜੂਦ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਦਾ ਸ਼ਿਕਾਰ ਹੋਏ ਹਰਮੋਲ ਸਿੰਘ ਨੂੰ ਤੁਰੰਤ ਸਿੰਘਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਨੂਰਪੁਰ ਬੇਦੀ ਪੁਲਸ ਥਾਣੇ ਦੇ ਐੱਸ.ਐੱਚ.ਓ. ਰੋਹਿਤ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਸ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਇਲਾਕੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
15 PCS ਅਧਿਕਾਰੀਆਂ ਦੇ ਤਬਾਦਲੇ
NEXT STORY