ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹੀ ਭਰਤੀ ਪ੍ਰਕਿਰਿਆ ਨਾ ਅਪਣਾਏ ਜਾਣ ਕਾਰਨ 523 ਮੁਲਾਜ਼ਮ ਨੌਕਰੀ ਤੋਂ ਫਾਰਗ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਨਵੇਂ ਸਿਰਿਓਂ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ, ਜਿਸ 'ਚ ਹੁਣ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਪਹਿਲ ਦਿੱਤੀ ਜਾਵੇਗੀ, ਜਿਸ ਦੇ ਬਕਾਇਦਾ ਇਸ਼ਤਿਹਾਰ ਵੀ ਦਿੱਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 14ਵੀਂ ਬਰਸੀ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਪੰਥਕ ਸਮਾਗਮ ਤੇ ਢਾਡੀ ਦਰਬਾਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਹੋਈਆਂ ਭਰਤੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ 'ਚ ਗਠਿਤ ਚਾਰ ਮੈਂਬਰੀ ਸਬ-ਕਮੇਟੀ ਦੀ ਲੇਖਾ ਜੋਖਾ ਕਰ ਕੇ ਤਿਆਰ ਕੀਤੀ ਰਿਪੋਰਟ ਦੇ ਆਧਾਰ 'ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨਗੀ ਦੇ ਕੇ ਮੁਲਾਜ਼ਮਾਂ ਨੂੰ ਨੌਕਰੀਓਂ ਫਾਰਗ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਨੂੰ ਲਾਗੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖ ਇਤਿਹਾਸ ਨਾਲ ਸਬੰਧਿਤ ਯਾਦਗਾਰਾਂ ਨੂੰ ਉਸਾਰਨ ਅਤੇ ਸੰਭਾਲਣ 'ਚ ਅਹਿਮ ਯੋਗਦਾਨ ਪਾ ਰਹੀ ਹੈ। ਲੌਂਗੋਵਾਲ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਬੰਧੀ ਬੋਲਦਿਆਂ ਕਿਹਾ ਕਿ ਉਹ ਇਕ ਤੁਰਦੀ-ਫਿਰਦੀ ਸੰਸਥਾ ਸਨ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ ਸਿੱਖ ਧਰਮ ਦੇ ਪ੍ਰਚਾਰ ਦੇ ਨਾਲ-ਨਾਲ ਵਿੱਦਿਆ ਦੇ ਖੇਤਰ 'ਚ ਵੀ ਵੱਡਮੁੱਲੇ ਕੀਰਤੀਮਾਨ ਸਥਾਪਤ ਕੀਤੇ ਅਤੇ ਸਿੱਖ ਸੰਘਰਸ਼ 'ਚ ਵੀ ਵਧ-ਚੜ੍ਹ ਕੇ ਰੋਲ ਅਦਾ ਕੀਤਾ।
ਕਾਂਗਰਸ ਸਰਕਾਰ ਟਰੱਕਾਂ ਵਾਲਿਆਂ ਦੀ ਰੋਜ਼ੀ-ਰੋਟੀ 'ਤੇ ਮਾਰ ਰਹੀ ਹੈ ਸੱਟ : ਅਕਾਲੀ
NEXT STORY