ਭਵਾਨੀਗੜ੍ਹ (ਵਿਕਾਸ ਮਿੱਤਲ) : ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਹਰਦਿਤਪੁਰਾ ਨੇੜੇ ਇੱਕ ਇਨੋਵਾ ਕਾਰ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿਚ ਕਾਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਵੇਂ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਭੇਜਿਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਟਿਆਲਾ ਤੋਂ ਭਵਾਨੀਗੜ੍ਹ ਵੱਲ ਆ ਰਹੀ ਇਨੋਵਾ ਕਾਰ ਹਰਦਿਤਪੁਰਾ ਨੇੜੇ ਅਚਾਨਕ ਬੇਕਾਬੂ ਹੋ ਗਈ। ਕਾਰ ਡਿਵਾਈਡਰ ਤੋਂ ਉਛਲ ਕੇ ਹਾਈਵੇਅ ਦੀ ਦੂਜੀ ਲੇਨ ਵਿਚ ਜਾ ਪਹੁੰਚੀ ਤੇ ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ਨਾਲ ਜ਼ੋਰਦਾਰ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਇਨੋਵਾ ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ ਅਤੇ ਕਾਰ ਸਵਾਰ ਦੋਵੇਂ ਵਿਅਕਤੀ ਗੱਡੀ ਵਿਚ ਬੁਰੀ ਤਰ੍ਹਾਂ ਫਸ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਕਰਕੇ ਦੋਵਾਂ ਜ਼ਖ਼ਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐਸ.ਐਸ.ਐਫ. ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਣ ਦੀ ਕਾਰਵਾਈ ਕੀਤੀ। ਐਸ.ਐਸ.ਐਫ. ਦੇ ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਇਨੋਵਾ ਸਵਾਰ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਸੁਖਚੈਨ ਸਿੰਘ ਤੇ ਜਸਵੀਰ ਸਿੰਘ ਵਜੋਂ ਹੋਈ ਹੈ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ: ਖੇਡ ਜਗਤ ਨੂੰ ਵੱਡਾ ਘਾਟਾ! INTERNATIONAL PLAYER ਦਾ ਹੋਇਆ ਦੇਹਾਂਤ
NEXT STORY