ਮਹਿਲ ਕਲਾਂ (ਲਕਸ਼ਦੀਪ ਗਿੱਲ) : ਕੌਮੀ ਇਨਸਾਫ਼ ਮੋਰਚੇ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਹਿਲ ਕਲਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਸਿੱਖ ਸੰਗਤਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਥਾਨਕ ਮੁੱਖ ਬੱਸ ਸਟੈਂਡ ਵਿਖੇ ਚੱਕਾ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਵੀ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖ ਕੇ ਬੰਦ ਦੇ ਸੱਦੇ ਦੀ ਹਮਾਇਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਸਰਕਾਰਾਂ ਤੋਂ ਇਸ ਮਾਮਲੇ ਦਾ ਤੁਰੰਤ ਹੱਲ ਕੱਢਣ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਦੇ ਪਾਰਟੀ ਦੇ ਸੂਬਾਈ ਆਗੂ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਬੀਕੇਯੂ (ਡਕੌਂਦਾ) ਦੇ ਜਗਰਾਜ ਸਿੰਘ ਹਰਦਾਸਪੁਰਾ, ਪ੍ਰਧਾਨ ਸ਼ੇਰ ਸਿੰਘ ਖਾਲਸਾ, ਲੋਕ ਆਗੂ ਹਰਜੀਤ ਸਿੰਘ ਖਿਆਲੀ, ਪ੍ਰਧਾਨ ਗਗਨ ਸਰਾਂ, ਸਤਨਾਮ ਸਿੰਘ ਮਹਿਲ ਕਲਾਂ, ਅਵਤਾਰ ਸਿੰਘ ਰਾਏਸਰ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬੀਕੇਯੂ ਸਿੱਧੂਪੁਰ ਦੇ ਗਿਆਨ ਸਿੰਘ ਛਾਪਾ ਅਤੇ ਜਗਸੀਰ ਸਿੰਘ ਸੰਧੂ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਣਾ ਇਨਸਾਫ਼ ਦੇ ਸਿਧਾਂਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਾਮਲੇ ਨੂੰ ਲਗਾਤਾਰ ਲਟਕਾਏ ਜਾਣ ਕਾਰਨ ਸਿੱਖ ਸੰਗਤਾਂ ਵਿਚ ਸਰਕਾਰਾਂ ਪ੍ਰਤੀ ਗਹਿਰਾ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਆਪਣੀਆਂ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਬਾਰੇ ਸਰਕਾਰਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਦਾਅ-ਪੇਚਾਂ ਤੋਂ ਉੱਪਰ ਉੱਠ ਕੇ ਮਨੁੱਖੀ ਅਤੇ ਕਾਨੂੰਨੀ ਪੱਖ ਤੋਂ ਵਿਚਾਰਿਆ ਜਾਵੇ। ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਚੁੱਪੀ ਤੋੜ ਕੇ ਸਪੱਸ਼ਟ ਨੀਤੀ ਅਤੇ ਫ਼ੈਸਲਾ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਦੇ ਪਰਿਵਾਰ ਆਪਣੇ ਜੀਆਂ ਦੀ ਉਡੀਕ ਕਰ ਰਹੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖ਼ੀ ਚਿੰਤਾ ਦਾ ਵਿਸ਼ਾ ਹੈ।
2 ਘੰਟਿਆਂ ਦੀ ਬਾਰਿਸ਼ ਨਾਲ ਜਲਥਲ ਹੋਇਆ ਸ਼ਹਿਰ, ਬਾਜ਼ੀਗਰ ਬਸਤੀ ਦੇ ਲੋਕਾਂ ਨੇ ਜਤਾਇਆ ਰੋਸ
NEXT STORY