ਸਪੋਰਟਸ ਡੈਸਕ : ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਦੀ ਕਪਤਾਨ ਪੁਸ਼ਪਾ ਰਾਣਾ, ਜੋਤੀ ਠਾਕੁਰ ਅਤੇ ਭਾਵਨਾ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਸੁੱਖੂ ਨੇ ਐਲਾਨ ਕੀਤਾ ਕਿ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਸੂਬੇ ਦਾ ਨਾਂ ਰੋਸ਼ਨ ਕਰਨ ਵਾਲੀਆਂ ਤਿੰਨੋਂ ਮਹਿਲਾ ਕਬੱਡੀ ਖਿਡਾਰਨਾਂ ਨੂੰ ਰਾਜ ਸਰਕਾਰ ਵੱਲੋਂ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਖਿਡਾਰਨਾਂ ਨੇ ਪਹਿਲਾਂ ਦਿੱਤੀ ਜਾ ਰਹੀ 33 ਲੱਖ ਰੁਪਏ ਦੀ ਰਾਸ਼ੀ 'ਤੇ ਚਿੰਤਾ ਪ੍ਰਗਟਾਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ।
ਕਪਤਾਨ ਪੁਸ਼ਪਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਬਹੁਤ ਹੀ ਸੁਖਦ ਰਹੀ ਅਤੇ ਉਨ੍ਹਾਂ ਨੇ ਖਿਡਾਰਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦੇ ਹੋਏ ਤੁਰੰਤ ਫੈਸਲਾ ਲਿਆ। ਇਨਾਮੀ ਰਾਸ਼ੀ ਤੋਂ ਇਲਾਵਾ ਖਿਡਾਰਨਾਂ ਨੇ ਕਲਾਸ-1 ਸਰਕਾਰੀ ਨੌਕਰੀਆਂ ਦੀ ਮੰਗ ਵੀ ਰੱਖੀ ਸੀ, ਜਿਸ 'ਤੇ ਮੁੱਖ ਮੰਤਰੀ ਨੇ ਹਾਂਪੱਖੀ ਹੁੰਗਾਰਾ ਦਿੱਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੋ ਖਿਡਾਰਨਾਂ ਪੁਲਸ ਵਿਭਾਗ ਵਿੱਚ ਸ਼ਾਮਲ ਨਹੀਂ ਹੋਣਾ ਚਾਹੁੰਦੀਆਂ, ਉਨ੍ਹਾਂ ਨੂੰ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਵਿੱਚ ਨਿਯੁਕਤੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਆਪਣਾ ਖੇਡ ਕਰੀਅਰ ਜਾਰੀ ਰੱਖ ਸਕਣ।
ਮੁੱਖ ਮੰਤਰੀ ਅਨੁਸਾਰ ਰਾਜ ਸਰਕਾਰ ਨੇ ਖੇਡ ਨੀਤੀ ਵਿੱਚ ਸੋਧ ਕਰਕੇ ਇਨਾਮੀ ਰਾਸ਼ੀ ਵਿੱਚ ਇਤਿਹਾਸਕ ਵਾਧਾ ਕੀਤਾ ਹੈ ਅਤੇ ਸੂਬੇ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਸਨਮਾਨ ਵਿੱਚ ਜਲਦ ਹੀ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ, ਜਿੱਥੇ ਇਹ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਹਿਮਾਚਲ ਪ੍ਰਦੇਸ਼ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਹਰਸ਼ਵਰਧਨ ਚੌਹਾਨ ਨੇ ਵੀ ਤਿੰਨੋਂ ਖਿਡਾਰਨਾਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਿਮਾਚਲ ਦੀਆਂ ਧੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਮਾਣ ਵਧਾਇਆ ਹੈ।
IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ ਨੂੰ ਮਿਲੀ ਜ਼ਿੰਮੇਵਾਰੀ
NEXT STORY